Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਪ੍ਰਬੰਧਾਂ ਸਬੰਧੀ ਤਿੰਨ ਸਾਲਾ ਕੋਰਸ ਸ਼ੁਰੂ ਕੀਤਾ ਜਾਵੇਗਾ : ਭਾਈ ਲੌਂਗੋਵਾਲ

Share this story

ਜਥੇਦਾਰ ਟੌਹੜਾ ਇੰਸਟੀਚਿਊਟ ਦੀ ਅਕਾਦਮਿਕ ਰੂਪ ਰੇਖਾ ਸਬੰਧੀ ਹੋਈ ਇਕੱਤਰਤਾ

ਪਟਿਆਲਾ 26 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਦੀ ਅਕਾਦਮਿਕ ਰੂਪ ਰੇਖਾ ਦੇ ਖਰੜੇ ਨੂੰ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਕਿ ਇਸ ਸੰਸਥਾ ਵਿਚ ਗੁਰਦੁਆਰਾ ਪ੍ਰਬੰਧਾਂ ਸਬੰਧੀ ਤਿੰਨ ਸਾਲਾ ਕੋਰਸ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੰਤਵ ਗੁਰਦੁਆਰਾ ਸੇਵਾ ਲਈ ਸਿਖਿਅਤ ਪ੍ਰਬੰਧਕ ਤਿਆਰ ਕਰਨਾ ਹੈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਸਿੱਖ ਵਿਦਵਾਨ ਸ਼ਾਮਲ ਹੋਏ। ਇਕੱਤਰਤਾ ਦੌਰਾਨ ਵਿਚਾਰ ਵਿਟਾਂਦਰੇ ਤੋਂ ਬਾਅਦ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਸੰਸਥਾ ਅੰਦਰ ਪਹਿਲਾਂ ਚੱਲ ਰਹੇ ਪ੍ਰਾਜੈਕਟਾਂ ਵਿਚ ਹੋਰ ਵਾਧਾ ਕਰਦਿਆਂ ਗ੍ਰੈਜੂਏਸ਼ਨ ਪੱਧਰ ਦਾ ਤਿੰਨ ਸਾਲਾ ‘ਬੈਚੁਲਰ ਆਫ਼ ਗੁਰਦੁਆਰਾ ਮੈਨੇਜਮੈਂਟ’ ਕੋਰਸ ਆਰੰਭ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਦੱਸਿਆ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਾਮ ’ਤੇ ਸਥਾਪਤ ਇਸ ਸੰਸਥਾ ਵਿਚ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਸਿੱਧੇ ਤੌਰ ’ਤੇ ਗੁਰਦੁਆਰਾ ਪ੍ਰਬੰਧਾਂ ਵਿਚ ਸ਼ਾਮਲ ਮੁਲਾਜ਼ਮਾਂ ਨਾਲ ਸਬੰਧਤ ਹੋਣਗੇ।
ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰਦੁਆਰਾ ਸੇਵਾ ਵਿਚ ਆਉਣ ਵਾਲੇ ਮੁਲਾਜ਼ਮਾਂ ਨੂੰ ਸਿੱਖ ਵਿਰਸੇ, ਸਿੱਖ ਇਤਿਹਾਸ, ਸਿੱਖ ਸਿਧਾਂਤਾਂ, ਗੁਰਮਤਿ ਰਹਿਣੀ, ਸਿੱਖ ਕਦਰਾਂ-ਕੀਮਤਾਂ ਸਮੇਤ ਸਿੱਖੀ ਦੇ ਵਿਸ਼ਵੀ ਸਰੋਕਾਰਾਂ ਬਾਰੇ ਮੁਕੰਮਲ ਗਿਆਨ ਹੋਵੇ, ਕਿਉਂਕਿ ਗੁਰੂ ਘਰਾਂ ਅੰਦਰ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਸਿੱਧਾ ਵਾਹ ਸੰਗਤਾਂ ਨਾਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਇਥੇ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਈ ਗੁਰਮਤਿ ਦੀ ਸਿੱਖਿਆ ਸਬੰਧੀ ਰਿਫੈਰਸ਼ਰ ਕੋਰਸ ਚਲਾਇਆ ਜਾ ਰਿਹਾ ਹੈ, ਪਰ ਨਵੇਂ ਕੋਰਸ ਦਾ ਮੰਤਵ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਗੁਰਮਤਿ ਦੇ ਨਜ਼ਰੀਏ ਤੋਂ ਤਿਆਰ ਕਰਨਾ ਹੋਵੇਗਾ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਡਾ. ਸਰਦਾਰਾ ਸਿੰਘ ਜੌਹਲ ਚਾਂਸਲਰ ਕੇਂਦਰੀ ਯੂਨੀਵਰਸਿਟੀ ਬਠਿੰਡਾ, ਡਾ. ਸੁਖਦਰਸ਼ਨ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ. ਬਲਵੰਤ ਸਿੰਘ ਢਿੱਲੋਂ ਪ੍ਰੋਫ਼ੈਸਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਬਲਕਾਰ ਸਿੰਘ ਸਾਬਕਾ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਰਬਜਿੰਦਰ ਸਿੰਘ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ, ਡਾ. ਚਮਕੌਰ ਸਿੰਘ ਡਾਇਰੈਕਟਰ ਜਥੇਦਾਰ ਟੌਹੜਾ ਇੰਸਟੀਚਿਊਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।
ਸਿੱਖ ਪਛਾਣ ਸਬੰਧੀ ਵਿਸ਼ੇਸ਼ ਦਸਤਾਵੇਜ਼ ਜਾਰੀ- ਵਿਦੇਸ਼ਾਂ ਅੰਦਰ ਪਛਾਣ ਦੀ ਦੁਬਿਧਾ ਕਾਰਨ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦਾ ਵਿਸ਼ੇਸ਼ ਦਸਤਾਵੇਜ਼ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਅੰਗਰੇਜ਼ੀ ’ਚ ਤਿਆਰ ਕੀਤੇ ਗਏ ਇਸ ਅਹਿਮ ਦਸਤਾਵੇਜ਼ ਵਿਚ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਇਲਾਵਾ ਸਿੱਖ ਪਛਾਣ, ਸਿੱਖਾਂ ਦੇ ਵਿਦੇਸ਼ਾਂ ਅੰਦਰ ਵੱਸਣ ਦੇ ਮੁੱਢਲੇ ਦੌਰ ਸਬੰਧੀ ਜਾਣਕਾਰੀ, ਸਿੱਖਾਂ ਦੀਆਂ ਵਿਸ਼ਵੀ ਪ੍ਰਾਪਤੀਆਂ, ਵਿਦੇਸ਼ਾਂ ਅੰਦਰ ਵਰਤਮਾਨ ਸਥਿਤੀ, ਕਾਰੋਬਾਰ, ਸਿੱਖ ਸਭਿਆਚਾਰ ਦੀ ਅਮੀਰੀ, ਸਿੱਖ ਕਕਾਰਾਂ ਸਮੇਤ ਸਿੱਖਾਂ ਦੇ ਹੋਰਨਾ ਧਰਮਾਂ ਦੇ ਲੋਕਾਂ ਨਾਲ ਭਰਾਤਰੀ ਸਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਪ੍ਰਸਿੱਧ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਕਾਰ ਸਿੰਘ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਧਰਮ ਸਿੰਘ ਪਟਿਆਲਾ ਤੇ ਸ. ਦਿਲਜੀਤ ਸਿੰਘ ਬੇਦੀ ਵੱਲੋਂ ਇਹ ਕਿਤਾਬਚਾ ਤਿਆਰ ਕੀਤਾ ਗਿਆ ਹੈ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਡਾ. ਸਰਦਾਰਾ ਸਿੰਘ ਜੌਹਲ ਚਾਂਸਲਰ ਕੇਂਦਰੀ ਯੂਨੀਵਰਸਿਟੀ ਬਠਿੰਡਾ, ਡਾ. ਸੁਖਦਰਸ਼ਨ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ. ਬਲਵੰਤ ਸਿੰਘ ਢਿੱਲੋਂ ਪ੍ਰੋਫ਼ੈਸਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਬਲਕਾਰ ਸਿੰਘ ਸਾਬਕਾ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਰਬਜਿੰਦਰ ਸਿੰਘ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ, ਡਾ. ਚਮਕੌਰ ਸਿੰਘ ਡਾਇਰੈਕਟਰ ਜਥੇਦਾਰ ਟੌਹੜਾ ਇੰਸਟੀਚਿਊਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

WRITTEN BY