June 4, 2026 2:45 am

ਕੈਬਨਿਟ ਸਬ ਕਮੇਟੀ ਨੇ ਸਾਰੇ ਸਰਕਾਰੀ ਵਿਭਾਗਾਂ/ਬੋਰਡ/ ਕਾਰਪੋਰੇਸ਼ਨਾਂ ਤੋਂ ਸਰਕਾਰੀ ਜ਼ਮੀਨ ਦਾ ਰਿਕਾਰਡ ਮੰਗਿਆ

ਸਾਬਕਾ ਡੀ.ਜੀ.ਪੀ. ਵੱਲੋਂ ਪੰਜਾਬ ’ਚ ਪੰਜ ਤੋਂ ਛੇ ਲੱਖ ਏਕੜ ਸਰਕਾਰੀ ਜ਼ਮੀਨ ਕਬਜ਼ੇ ਹੇਠ ਹੋਣ ਦਾ ਦਾਅਵਾ’

ਚੰਡੀਗੜ੍ਹ, 5 ਮਈ- ਪੰਜਾਬ ਵਿੱਚ ਸਰਕਾਰੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੇ ਢੰਗ ਨਾਲ ਦੇਖ-ਰੇਖ ਕਰਨ ਲਈ ਬਣਾਈ ਕੈਬਨਿਟ ਸਬ ਕਮੇਟੀ ਨੇ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ/ਬੋਰਡ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਅਦਾਰਿਆਂ ਤੋਂ ਆਪੋ-ਆਪਣੀਆਂ ਸਬੰਧਤ ਸਰਕਾਰੀ ਜ਼ਮੀਨਾਂ ਦਾ ਰਿਕਾਰਡ ਮੰਗਿਆ ਹੈ। ਇਸ ਦੇ ਨਾਲ ਹੀ ਕਮੇਟੀ ਵੱਲੋਂ ਜਸਟਿਸ ਐਸ.ਐਸ.ਸਾਰ੍ਹੋਂ ਤੇ ਸਾਬਕਾ ਡੀ.ਜੀ.ਪੀ. ਚੰਦਰ ਸ਼ੇਖਰ ਦੀ ਸ਼ਮੂਲੀਅਤ ਵਾਲੀ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਲੈ ਕੇ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ ਜੋ ਸਬ ਕਮੇਟੀ ਨੂੰ ਆਪਣੀ ਮਾਹਿਰ ਰਾਏ ਦੇਵੇਗੀ।
ਇਹ ਖੁਲਾਸਾ ਕਮੇਟੀ ਦੇ ਮੁਖੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਮੇਟੀ ਦੀ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਕਮੇਟੀ ਦੀ ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਾਲ ਤੇ ਮੁੜ ਵਸੇਬਾ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀ ਵੀ ਹਾਜ਼ਰ ਹੋਏ। ਸ.ਸਿੱਧੂ ਨੇ ਕਿਹਾ ਕਿ ਮੀਟਿੰਗ ਵਿੱਚ ਹੋਏ ਖੁਲਾਸਿਆਂ ਮੁਤਾਬਕ ਇਕੱਲੇ ਮੁਹਾਲੀ ਜ਼ਿਲੇ ਅੰਦਰ ਜਿੰਨੀ ਸਰਕਾਰੀ ਜ਼ਮੀਨ ਉਪਰ ਕਬਜ਼ਾ ਹੈ, ਉਸ ਦੀ ਕੁੱਲ ਲਾਗਤ ਪੰਜਾਬ ਸਿਰ ਚੜ੍ਹੇ ਕੁੱਲ ਕਰਜ਼ੇ, ਜਿਹੜਾ ਕਿ 2 ਲੱਖ 10 ਹਜ਼ਾਰ ਕਰੋੜ ਹੈ, ਨਾਲੋਂ ਵੱਧ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲੇ ਦੀਆਂ ਕਬਜ਼ੇ ਹੇਠਲੀਆਂ ਸਰਕਾਰੀ ਜ਼ਮੀਨਾਂ ਦੀ ਕੀਮਤ 2 ਲੱਖ ਕਰੋੜ ਰੁਪਏ ਤੋਂ ਵੱਧ ਹੈ ਜੇਕਰ ਪੰਜਾਬ ਦੀਆਂ ਸਾਰੀਆਂ ਕਬਜ਼ੇ ਹੇਠਲੀਆਂ ਸਰਕਾਰੀ ਜ਼ਮੀਨਾਂ ਦਾ ਰਿਕਾਰਡ ਦੇਖਿਆ ਜਾਵੇ ਤਾਂ ਬਹੁਤ ਵੱਡੀ ਕੀਮਤ ਬਣਦੀ ਹੈ ਅਤੇ ਇਨ੍ਹਾਂ ਨੂੰ ਛੁਡਵਾਉਣ ਨਾਲ ਹੀ ਪੰਜਾਬ ਆਰਥਿਕ ਤੌਰ ’ਤੇ ਖੁਸ਼ਹਾਲ ਹੋ ਸਕਦਾ ਹੈ। ਸ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਜ਼ਮੀਨਾਂ ਦੀ ਸਥਿਤੀ ਜਾਨਣ ਲਈ ਕੈਬਨਿਟ ਸਬ ਕਮੇਟੀ ਨੇ ਸਮੂਹ ਵਿਭਾਗਾਂ/ਬੋਰਡ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਅਦਾਰਿਆਂ ਤੋਂ ਆਪੋ-ਆਪਣੀਆਂ ਸਬੰਧਤ ਸਰਕਾਰੀ ਜ਼ਮੀਨਾਂ ਦਾ ਰਿਕਾਰਡ ਮੰਗਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਇਹ ਵੀ ਮੰਗਿਆ ਗਿਆ ਹੈ ਕਿ ਕਿੰਨੀ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਹੈ, ਕਿੰਨੀ ਲਿਟੀਗੇਸ਼ਨ ਅਧੀਨ ਹੈ ਅਤੇ ਕਿੰਨੀ ਜ਼ਮੀਨ ਖਾਲੀ ਪਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਇਹ ਵੀ ਧਿਆਨ ਵਿੱਚ ਆਇਆ ਕਿ ਕਈ ਵਿਭਾਗਾਂ ਦੀ ਜ਼ਮੀਨ ਦਾ ਰਿਕਾਰਡ ਮਾਲ ਵਿਭਾਗ ਦੇ ਰਿਕਾਰਡ ਨਾਲ ਮੇਲ ਨਹੀਂ ਖਾ ਰਿਹਾ ਜਿਸ ਨੂੰ ਦਰੁੱਸਤ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਰੈਵੇਨਿਊ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ ਐਸ.ਐਸ.ਸਾਰ੍ਹੋਂ, ਸਾਬਕਾ ਡੀ.ਜੀ.ਪੀ. ਸ੍ਰੀ ਚੰਦਰ ਸ਼ੇਖਰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਸ੍ਰੀ ਏ ਵੇਣੂੰ ਪ੍ਰਸਾਦ, ਪ੍ਰਮੁੱਖ ਸਕੱਤਰ, ਜਲ ਸ੍ਰੋਤ ਪ੍ਰਬੰਧਨ ਸ੍ਰੀ ਜਸਪਾਲ ਸਿੰਘ, ਸ.ਸਿੱਧੂ ਦੇ ਸਲਾਹਕਾਰ ਸ੍ਰੀ ਅੰਗਦ ਸਿੰਘ ਸੋਹੀ ਵੀ ਹਾਜ਼ਰ ਸਨ।

Send this to a friend