ਮਾਨਸਾ, 11 ਮਈ (ਨਛੱਤਰ ਸਿੰਘ ਕਾਹਨਗੜ੍ਹ)- 14 ਮਈ ਨੂੰ ਵਾਇਡਨਿੰਗ ਟੂ 2 ਲੇਨ ਵਿਧ ਪੇਵਡ ਸ਼ੋਲਡਰ ਆਨ ਐਨ.ਐਚ. -148-ਬੀ (ਮੂਣਕ ਭੀਖੀ ਵਾਇਆ ਜਾਖਲ) ਸੜਕ ਦਾ ਨੀਂਹ ਪੱਥਰ ਰੱਖਣ ਲਈ ਰੋਡ ਟਰਾਂਸਪੋਰਟ ਹਾਈਵੇਅ ਅਤੇ ਸ਼ੀਪਿੰਗ ਮੰਤਰੀ ਭਾਰਤ ਸਰਕਾਰ ਸ਼੍ਰੀ ਨਿਤਿਨ ਗਡਕਰੀ ਪਹੁੰਚ ਰਹੇ ਹਨ। ਇਸ ਮੌਕੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ ਮਾਰਕਿਟ ਕਮੇਟੀ ਭੀਖੀ ਦੇ ਦਫ਼ਤਰ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਣ ਵਾਲੇ ਇਸ ਸਮਾਗਮ ਲਈ ਸਾਰੇ ਪੁਖ਼ਤਾ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰ ਲਏ ਜਾਣ, ਤਾਂ ਜੋ ਸਮਾਗਮ ਮੌਕੇ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਦੀ ਜੋ ਵੀ ਡਿਊਟੀ ਲਗਾਈ ਗਈ ਹੈ, ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਭੀਖੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਦੀ ਤਿਆਰੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਦੀਪਕ ਰੁਹੇਲਾ, ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੇਂਦਰੀ ਮੰਤਰੀ ਨਿਤਿਨ ਗਡਕਰੀ 14 ਨੂੰ ਭੀਖੀ ਵਿਖੇ ਰੱਖਣਗੇ ਨਵੇਂ ਮਾਰਗ ਦਾ ਨੀਂਹ ਪੱਥਰ : ਡੀਸੀ



