ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ ਮੁੱਦਿਆਂ ਵੱਲ ਦਿਵਾਇਆ
ਚੰਡੀਗੜ੍ਹ/ਨਵੀਂ ਦਿਲੀ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਕ ਪਾਰਟੀ ਵਫ਼ਦ ਅਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਸਵੇਰੇ ਉਨ੍ਹਾਂ ਦੀ ਦਿੱਲੀ ਵਿਚਲੀ ਰਿਹਾਇਸ਼ ਉਤੇ ਮਿਲਿਆ।ਵਫਦ ਨੇ ਕੇਂਦਰ ਸਰਕਾਰ ਦਾ ਗੁਰੂ ਕੇ ਲੰਗਰ ਨੂੰ ਜੀਐਸਟੀ ਤੋਂ ਛੋਟ ਦੇਣ ਲਈ ਕੀਤੇ ਬੇਮਿਸਾਲ ਅਤੇ ਫੈਸਲਾਕੁਨ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ ਮੁਦਿਆਂ ਵਲ ਦਿਵਾਇਆ।ਅਕਾਲੀ ਦਲ ਦੇ ਵਫ਼ਦ ਨੇ ਅਜ਼ਾਦੀ ਬਾਅਦ ਭਾਰਤ ਸਰਕਾਰ ਵਲੋਂ ਪੂਰੇ ਮੁਲਕ ਦੇ ਗੁਰਦੁਆਰਾ ਸਾਹਿਬਾਨ ਵਾਸਤੇ ਖਰੀਦੀ ਜਾਂਦੀ ਲੰਗਰ ਰਸਦ ਨੂੰ ਟੈਕਸ ਤੋਂ ਛੋਟ ਦੇਣ ਦੇ ਕੀਤੇ ਆਪਣੀ ਕਿਸਮ ਦੇ ਪਹਿਲੇ ਉਪਰਾਲੇ ਦੀ ਦਿਲ ਖੋਲ੍ਹ ਕੇ ਪ੍ਰਸੰਸਾ ਕੀਤੀ।ਇਸ ਬਾਰੇ ਪਾਰਟੀ ਵਲੋਂ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਦਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਗਲ ਦੀ ਸਰਾਹਨਾ ਕੀਤੀ ਕਿ ਪੂਰੇ ਮੁਲਕ ਅੰਦਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਅਤੇ ਭਰੋਸੇਯੋਗ ਭਾਈਵਾਲ ਹੈ। ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਦੌਰਾਨ ਅਕਾਲੀ ਆਗੂਆ ਨੂੰ ਕਿਹਾ ਕਿ ਇਹ ਸਭ ਤੋਂ ਪੁਰਾਣਾ, ਟਿਕਾਊ ਅਤੇ ਸਮੇਂ ਦਾ ਪਰਖਿਆ ਹੋਇਆ ਗਠਜੋੜ ਹੈ।ਇਸ ਵਫ਼ਦ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਥੇਦਾਰ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਿਲ ਸਨ।ਇਸ ਤੋਂ ਇਲਾਵਾ ਦੋਵੇਂ ਕਮੇਟੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿਲੀ ਸਿਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਮਨਜੀਤ ਸਿੰਘ ਜੀਕੇ ਵੀ ਇਸ ਵਫ਼ਦ ਦਾ ਹਿਸਾ ਸਨ।ਅਕਾਲੀ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੇ ਅਮਲ ਵਿਚ ਤੇਜ਼ੀ ਲਿਆਉਣ।ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਇਕ ਵਡੇ ਰਾਸ਼ਟਰੀ ਅਤੇ ਗਲੋਬਲ ਸਮਾਰੋਹ ਵਜੋਂ ਮਨਾਏ ਜਾਣ ਲਈ ਪ੍ਰਧਾਨ ਮੰਤਰੀ ਨੂੰ ਆਪਣੀ ਅਗਵਾਈ ਥਲੇ ਇਕ ਰਾਸ਼ਟਰੀ ਕਮੇਟੀ ਕਾਇਮ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਇਸ ਦਾ ਹਾਂ-ਪਖੀ ਹੁੰਗਾਰਾ ਭਰਿਆ।ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁਕੇ ਅਤੇ ਕਈ ਮਾਮਲਿਆਂ ਵਿਚ 20 ਸਾਲਾਂ ਤੋਂ ਵਧ ਸਜ਼ਾਵਾਂ ਕਟਣ ਦੇ ਬਾਵਜੂਦ ਜੇਲ੍ਹਾਂ ਵਿਚ ਸੜ੍ਹ ਰਹੇ ਸਾਰੇ ਸਿਖਾਂ ਅਤੇ ਪੰਜਾਬੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਵਫ਼ਦ ਨੇ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਜੇਲ੍ਹਾਂ ਵਿਚ ਡਕੀ ਰਖਣਾ ਗੈਰ ਕਾਨੂੰਨੀ ਅਤੇ ਅਨੈਤਿਕ ਕਾਰਵਾਈ ਹੈ।ਵਫਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਡੇਰਾ ਬਾਬਾ ਨਾਨਕ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ, ਪਾਕਿਸਤਾਨ ਤਕ ਇਕ ਗਲਿਆਰਾ ਬਣਾਉਣ ਦੇ ਮੁਦੇ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਗਲਬਾਤ ਕਰਨ।