ਚੰਡੀਗੜ੍ਹ, 19 ਜੂਨ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਵਲੋਂ ਬੁਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿਧੀ ਗਲਬਾਤ ਕਰਨ ਦੇ ਪ੍ਰਸਤਾਵ ਦਾ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਦੌਰਾਨ ਸਵਾਮੀਨਾਥਨ ਰਿਪੋਰਟ ਨੂੰ ਹੂ-ਬਹੂ ਲਾਗੂ ਕਰਨ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਣੇ ਕਿਸਾਨੀ ਭਾਈਚਾਰੇ ਲਈ ਭਲਾਈ ਪਹਲਕਦਮੀਆਂ ਦਾ ਐਲਾਨ ਹੋਵੇਗਾ। ਅਜ ਇਥੇ ਜਾਰੀ ਇਕ ਬਿਆਨ ਵਿਚ ਮੁਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿਚ ਘਿਰੇ ਖੇਤੀ ਸੈਕਟਰ ’ਚ ਲੋੜੀਂਦੇ ਸੁਧਾਰ ਕਰਨ ਲਈ ਇਸ ਮੰਚ ਦੀ ਵਰਤੋਂ ਕਰਨ ਕਿਉਂਕਿ ਇਸ ਸੈਕਟਰ ਨੂੰ ਕੇਂਦਰੀ ਸਹਾਇਤਾ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਕਿਸਾਨਾਂ ਦੇ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋ ਮੁਦਿਆਂ ’ਤੇ ਪ੍ਰਧਾਨ ਮੰਤਰੀ ਦੇ ਦਖਲ ਦੀ ਕਿਸਾਨੀ ਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ ਤਾਂ ਜੋ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ। ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਇਹ ਮੁਦੇ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਮੁਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਕਿਸਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਨਮੋਂ ਐਪ ਦੇ ਰਾਹੀਂ ਪ੍ਰਸਤਾਵਿਤ ਗਲਬਾਤ ਇਸ ਖੇਤਰ ਵਿਚ ਠੋਸ ਨਤੀਜੇ ਕਢੇਗੀ ਅਤੇ ਇਹ ਸਿਰਫ ਮੀਡੀਆ ਵਿਚ ਹੀ ਚਰਚਾ ਲਈ ਨਹੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਿਜੀ ਤੌਰ ’ਤੇ ਕੇਂਦਰ ਸਰਕਾਰ ਵਲੋਂ ਖੇਤੀ ਕਰਜ਼ੇ ਮੁਆਫੀ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਪੂਰੀ ਤਰ੍ਹਾਂ ਲਾਗੂ ਕਰਨ ਦੇ ਮੁਦੇ ਪਿਛਲੇ ਐਤਵਾਰ ਹੋਈ ਨੀਤੀ ਆਯੋਗ ਦੀ ਮੀਟਿੰਗ ਸਣੇ ਵਖ-ਵਖ ਮੰਚਾਂ ’ਤੇ ਵੀ ਉਠਾਏ ਹਨ ਅਤੇ ਇਨ੍ਹਾਂ ਨੂੰ ਲਾਗੂ ਕਰਨ ’ਤੇ ਜ਼ੋਰ ਪਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਕੇਂਦਰ ਵਲੋਂ ਸ਼ੁਰੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਗਲਬਾਤ ਦੌਰਾਨ ਇਸ ਸਬੰਧੀ ਐਲਾਨ ਸਾਹਮਣੇ ਆਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਅਤ ਦਰਜੇ ਦਾ ਗੰਭੀਰ ਖੇਤੀਬਾੜੀ ਸੰਕਟ ਹੈ ਅਤੇ ਕਿਸਾਨ ਨਿਰਾਸ਼ਾ ਵਿਚ ਖੁਦਕੁਸ਼ੀਆਂ ਕਰ ਰਹੇ ਹਨ।
ਇਸ ਸੰਦਰਭ ਵਿਚ ਸ੍ਰੀ ਮੋਦੀ ਨੂੰ ਕਿਸਾਨੀ ਭਾਈਚਾਰੇ ਨੂੰ ਰਾਹਤ ਦੇਣ ਲਈ ਕਦਮ ਚੁਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ 2022 ਤਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਸਬੰਧੀ ਆਪਣੀ ਗਲ ਬਾਰੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਲਈ ਹੋਰ ਸਮਾਂ ਨਹੀਂ ਗਵਾਉਣਾ ਚਾਹੀਦਾ।
ਮੁਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਹਾਇਤਾ ਦੇਸ਼ ਭਰ ਦੇ ਕਿਸਾਨਾਂ ਨੂੰ ਸੰਕਟ ਵਿਚੋਂ ਬਚਾਉਣ ਲਈ ਮਦਦਗਾਰ ਹੋਵੇਗੀ।
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਅਪੀਲ



