ਮਾਸਟਰ ਤਾਰਾ ਸਿੰਘ ਦੇ ਨਾਂਅ ਹੋਵੇਗਾ ਰੇਲਵੇ ਸਟੇਸ਼ਨ ਨੇੜੇ ਬਣ ਰਿਹਾ ਪੁੱਲ
ਅੰਮ੍ਰਿਤਸਰ, 24 ਜੂਨ- ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਨਸ਼ਿਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦਸਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਇਸ ਪ੍ਰਤੀ ਗੰਭੀਰ ਹੈ ਅਤੇ ਜਲਦ ਹੀ ਕੋਈ ਪ੍ਰਭਾਵੀ ਹਲ ਕਢਿਆ ਜਾਵੇਗਾ।ਉਨ੍ਹਾਂ ਐਲਾਨ ਕੀਤਾ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਨਵੇਂ ਪੁੱਲ ਦਾ ਨਾਮ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ, ਇਸ ਤੋਂ ਇਲਾਵਾ ਪੁੱਲ ’ਤੇ ਬਣਨ ਵਾਲੇ ਚੌਕ ਵਿਚ ਉਨਾਂ ਦਾ ਆਦਮ ਕੱਦ ਬੁੱਤ ਲਗਾਇਆ ਜਾਵੇਗਾ ਅਤੇ ਮਾਸਟਰ ਤਾਰਾ ਸਿੰਘ ਦੇ ਪੁਤਲੀਘਰ ਨੇੜੇ ਸਥਿਤ ਘਰ ਨੂੰ ਜਾਂਦੀ ਗਲੀ ਦਾ ਨਾਮ ਵੀ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਉਨਾਂ ਦੇ ਪਰਿਵਾਰ ਵਾਲੇ ਜੇਕਰ ਮਾਸਟਰ ਤਾਰਾ ਸਿੰਘ ਦੇ ਘਰ ਦਾ ਕੁੱਝ ਹਿੱਸਾ ਦੇਣ ਤਾਂ ਅਸੀਂ ਉਨਾਂ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਲਈ ਮਾਸਟਰ ਜੀ ਦੇ ਨਾਮ ’ਤੇ ਮਿਊਜ਼ੀਅਮ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਮਾਸਟਰ ਜੀ ਦੀਆਂ ਯਾਦਗਾਰੀ ਵਸਤਾਂ ਜੰਗੇ-ਅਜ਼ਾਦੀ ਮਿਊਜੀਅਮ ਵਿਚ ਵੀ ਰੱਖਣ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ, ਤਾਂ ਕਿ ਸਾਡੀ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਤੇ ਕੌਮ ਲਈ ਆਪਾ ਵਾਰਨ ਦੀ ਪ੍ਰੇਰਨਾ ਦੇਣ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦੇ ਸ. ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਕਰਦੇ ਕਿਹਾ ਕਿ ਇਹ ਯਾਦਗਾਰ ਉਨਾਂ ਦੇ ਪਰਿਵਾਰ ਦੀ ਇੱਛਾ ਅਨੁਸਾਰ ਬਣਾਈ ਜਾਵੇਗੀ ਅਤੇ ਜਿੱਥੇ ਉਹ ਕਹਿਣਗੇ, ਉਥੇ ਇਹ ਯਾਦਗਾਰ ਬਣੇਗੀ।
ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਪੰਥ ਦੇ ਉਹ ਆਗੂ ਸਨ, ਜੋ ਪੀੜ੍ਹੀ ਦਰ ਪੀੜ੍ਹੀ ਲੋਕ ਦਿਲਾਂ ’ਤੇ ਰਾਜ ਕਰਦੇ ਰਹਿਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਪ੍ਰੋਗਰਾਮ ਕਰਵਾਉਣ ਲਈ ਧੰਨਵਾਦ ਕਰਦੇ ਸ. ਸਿੱਧੂ ਨੇ ਕਿਹਾ ਕਿ ‘ਮੈਂ ਮਰਾਂ-ਮੇਰਾ ਪੰਥ ਜੀਵੇ’ ਦੀ ਸੋਚ ’ਤੇ ਚੱਲਣ ਵਾਲੇ ਨੇਤਾਵਾਂ ਦੀ ਯਾਦ ਵਿਚ ਹੋਏ ਸਮਾਗਮ ਕੌਮਾਂ ਲਈ ਪ੍ਰੇਰਨਾ ਦਾ ਸਰੋਤ ਹਨ।
ਮਾਸਟਰ ਤਾਰਾ ਸਿੰਘ ਨੂੰ ਯਾਦ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਹ ਕੌਮ ਦੇ ਅਜਿਹੇ ਆਗੂ ਸਨ, ਜਿੰਨਾਂ ਨੇ ਸਾਰੀ ਉਮਰ ਪੰਥ ਦੇ ਭਲੇ ਅਤੇ ਕੌਮ ਦੀ ਇਕਜੁਟਤਾ ਲਈ ਕੰਮ ਕੀਤਾ ਅਤੇ ਆਪਣਾ ਨਿੱਜ ਤਿਆਗ ਦਿੱਤਾ। ਉਨਾਂ ਕਿਹਾ ਕਿ ਪੰਜਾਬੀਆਂ ਨੂੰ ਚਰਿੱਤਰ ਨਿਰਮਾਣ ਲਈ ਮਾਸਟਰ ਤਾਰਾ ਸਿੰਘ ਵਰਗੇ ਨੇਤਾਵਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ, ਜਿੰਨਾਂ ਨੇ ਦੇਸ਼ ਕੌਮ ਦੇ ਭਲੇ ਲਈ ਨਿੱਜੀ ਹਿੱਤਾਂ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਮਾਸਟਰ ਤਾਰਾ ਸਿੰਘ ਦੇ ਪੋਤ ਨੁੰਹ ਡਾ. ਜਸਪ੍ਰੀਤ ਕੌਰ ਨੇ ਉਨਾਂ ਦੇ ਸੁੰਤਰਤਾ ਸੰਗਰਾਮ, ਗੁਰਦੁਆਰਾ ਸੁਧਾਰ ਲਹਿਰ, ਪੰਜਾਬੀ ਸੂਬੇ ਦੇ ਯੋਗਦਾਨ ਨੂੰ ਯਾਦ ਕਰਦੇ ਕਈ ਅਣਛੂਹੇ ਵਰਕੇ ਸਰੋਤਿਆਂ ਨਾਲ ਸਾਂਝੇ ਕੀਤੇ।
ਸੰਤ ਸਿੰਘ ਸੁੱਖਾ ਸਿੰਘ ਸੰਸਥਾਵਾਂ ਦੇ ਚੇਅਰਮੈਨ ਪ੍ਰਿੰਸੀਪਲ ਜਗਦੀਸ਼ ਸਿੰਘ, ਜਿੰਨਾਂ ਨੂੰ ਜਵਾਨੀ ਵਿਚ ਮਾਸਟਰ ਤਾਰਾ ਸਿੰਘ ਨਾਲ ਵਿਚਰਨ ਦਾ ਮੌਕਾ ਮਿਲਿਆ ਨੇ ਦੱਸਿਆ ਕਿ ਉਹ ਆਪ ਗਰੀਬੀ ਵਿਚ ਰਹੇ, ਪਰ ਪੰਥ ਦੇ ਪੈਸੇ ਦੀ ਵਰਤੋਂ ਕਿਸੇ ਫਾਲਤੂ ਕੰਮ ਲਈ ਨਾ ਕੀਤੀ ਅਤੇ ਨਾ ਕਰਨ ਦਿੱਤੀ।
ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਵੱਲੋਂ ਮਾਸਟਰ ਤਾਰਾ ਸਿੰਘ ਦੇ ਪੋਤਰੇ ਨੁੰਹ ਡਾ. ਜਸਪ੍ਰੀਤ ਕੌਰ ਅਤੇ ਪੜਦੋਤਰੇ ਸ. ਨਵਰੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਪ੍ਰੋਗਰਾਮ ਵਿਚ ਗੁਰਿੰਦਰ ਮਕਨਾ ਥੀਏਟਰ ਗਰੁੱਪ ਵੱਲੋਂ ਤੰਦਰੁਸਤ ਪੰਜਾਬ ਦੀ ਬਾਤ ਪਾਉਂਦਾ ਨਾਟਕ ‘ਮੇਰਾ ਖੁਆਬ-ਤੰਦਰੁਸਤ ਪੰਜਾਬ’ ਵੀ ਖੇਡਿਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐਸ ਐਸ ਸ੍ਰੀਵਾਸਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਤੇ ਸ੍ਰੀ ਸੁਭਾਸ਼ ਸ਼ਰਮਾ, ਡੀ ਸੀ ਪੀ. ਸ. ਅਮਰੀਕ ਸਿੰਘ ਪੁਆਰ, ਐਸ ਡੀ ਐਮ ਸ੍ਰੀ ਨਿਤੀਸ਼ ਸਿੰਗਲਾ, ਸ੍ਰੀ ਵਿਕਾਸ ਹੀਰਾ, ਡਾ. ਰਜਤ ਉਬਰਾਏ ਤੇ ਸ. ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਤੇ ਸ੍ਰੀ ਕੁਲਦੀਪ ਬਾਵਾ, ਕਾਰਜਾਕਾਰੀ ਮੈਜਿਸਟਰੇਟ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।



