ਹੁਣ ਮੰਤਰੀ ਤੇ ਅਧਿਕਾਰੀ ਵੀ ਐਸ.ਪੀ.ਜੀ. ਦੀ ਇਜਾਜ਼ਤ ਨਾਲ ਮਿਲਣਗੇ

ਨਵੀਂ ਦਿੱਲੀ, 26 ਜੂਨ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਜਾਨ ਨੂੰ ਗੰਭੀਰ ਖਤਰਾ ਦੱਸਦੇ ਹੋਏ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸਾਰੇ ਰਾਜਾਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ ਹੈ। ਨਵੇਂ ਨਿਯਮਾਂ ਮੁਤਾਬਿਕ ਕੋਈ ਵੀ ਮੰਤਰੀ ਅਤੇ ਅਧਿਕਾਰੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਤਾਇਨਾਤ ਏਜੰਸੀ ਐਸਪੀਜੀ ਦੀ ਇਜਾਜ਼ਤ ਤੋਂ ਬਿਨਾ ਕੋਈ ਵੀ ਮੰਤਰੀ ਜਾਂ ਅਧਿਕਾਰੀ ਉਨ੍ਹਾਂ ਦੇ ਨੇੜੇ ਨਹੀਂ ਜਾ ਸਕੇਗਾ। ਸਰਕਾਰੀ ਸੂਤਰਾਂ ਮੁਤਾਬਿਕ ਸੁਰੱਖਿਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਰੋਡ ਸ਼ੋਅ ਵਰਗੇ ਪ੍ਰੋਗਰਾਮਾਂ ਵਿੱਚ ਕਟੌਤੀ ਕਰਨ। ਇਨ੍ਹਾਂ ਰਿਪੋਰਟਾਂ ਵਿੱਚ ਇਹ ਨਹੀਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਕਿਨ੍ਹਾਂ ਤੋਂ ਖਤਰਾ ਹੈ। ਪ੍ਰਧਾਨ ਮੰਤਰੀ ਸ੍ਰੀ ਮੋਦੀ 2019 ਦੀਆਂ ਲੋਕ ਸਭਾ ਚੋਣਾਂ ’ਚ ਵੀ ਭਾਜਪਾ ਦਾ ਪ੍ਰਮੁੱਖ ਚਿਹਰਾ ਹਨ। ਉਹ ਪਾਰਟੀ ਦੇ ਪ੍ਰਚਾਰ ਦੀ ਕਮਾਨ ਵੀ ਖੁਦ ਸੰਭਾਲਣਗੇ। ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਦੇ ਪੁਲਿਸ ਮੁਖੀਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਅਗਿਆਤ ਸ਼ਕਤੀਆਂ ਤੋਂ ਭਾਰੀ ਖਤਰਾ ਹੈ, ਇਸ ਲਈ ਕਿਸੇ ਨੂੰ ਵੀ ਉਨ੍ਹਾਂ ਦੇ ਨੇੜੇ ਨਾ ਜਾਣ ਦਿੱਤਾ ਜਾਵੇ ਅਤੇ ਇਸ ਨਿਯਮ ਦੀ ਕਰੜਾਈ ਨਾਲ ਪਾਲਣਾ ਕੀਤੀ ਜਾਵੇ। ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲੱਗੀ ਐਸਪੀਜੀ ਹੁਣ ਮੰਤਰੀਆਂ ਦੀ ਵੀ ਤਲਾਸ਼ੀ ਲੈ ਸਕੇਗੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਉਨ੍ਹਾਂ ਦੀਆਂ ਜਨਤਕ ਸਰਗਰਮੀਆਂ ਨੂੰ ਵੀ ਘਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਆਮ ਲੋਕਾਂ ਨਾਲ ਮਿਲਣ-ਜੁਲਣ ਤੋਂ ਗੁਰੇਜ਼ ਰੱਖਣ ਦੀ ਸਲਾਹ ਦਿੱਤੀ ਗਈ ਹੈ।



