ਸਿਆਸੀ ਇਲਹਾਕ ਦਾ ਬਿਨਾਂ ਲਿਹਾਜ਼ ਕੀਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ
ਚੰਡੀਗੜ੍ਹ, 3 ਜੁਲਾਈ- ਪੰਜਾਬ ਮੰਤਰੀ ਮੰਡਲ ਵੱਲੋਂ ਨਸ਼ਿਆਂ ਦੇ ਸਮਗਲਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਸਬੰਧੀ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿਚ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਤੋਂ ਬਾਅਦ ਦੋਸ਼ੀਆਂ ਵਿਰੁੱਧ ਉਨ੍ਹਾਂ ਦੇ ਸਿਆਸੀ ਇਲਹਾਕ ਦਾ ਬਿਨਾਂ ਲਿਹਾਜ਼ ਕੀਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਦੀ ਵਰਤੋਂ ਨੂੰ ਇਕ ਬਿਮਾਰੀ ਦੱਸਦੇ ਅਤੇ ਇਸ ਦੇ ਜ਼ਰੂਰੀ ਇਲਾਜ਼ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਪੀੜਤਾਂ ਦੇ ਮੁੜ ਵਸੇਬੇ ਦੀ ਜ਼ਰੂਰਤ ’ਤੇ ਜ਼ੋਰ ਦੇਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੇ ਕੀਤੇ ਜਾਣ ਦੀ ਮੁਹਿੰਮ ’ਤੇ ਜ਼ੋਰ ਦਿੱਤਾ ਹੈ। ਜਾਗਰੂਕਤਾ ਪੈਦਾ ਕੀਤੇ ਜਾਣ ਅਤੇ ਕਾਰਵਾਈ ਕੀਤੇ ਜਾਣ ਵਿਚ ਵਿਖਰੇਵਾਂ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਾਗਰੂਕਤਾ ਕਿਸੇ ਇਕ ਏਜੰਸੀ ਵੱਲੋਂ ਪੈਦਾ ਨਹੀਂ ਕੀਤੀ ਜਾ ਸਕਦੀ। ਇਸ ਸਬੰਧੀ ਲੋਕਾਂ ਦੀ ਸ਼ਮੂਲੀਅਤ ਨਾਲ ਸਮੂਹਿਕ ਕੋਸ਼ਿਸ਼ਾਂ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਸਮਾਜਿਕ ਕਾਰਕੁੰਨਾ ਦੇ ਇਕ ਗਰੁੱਪ ਨਾਲ ਵਿਚਾਰ ਚਰਚਾ ਦੌਰਾਨ ਉਪਰੋਕਤ ਵਿਚਾਰ ਪ੍ਰਗਟਾਏ। ਇਹ ਗਰੁੱਪ ਅੱਜ ਨਸ਼ਿਆਂ ਦੀ ਸਮੱਸਿਆ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਆਇਆ ਸੀ। ਇਨ੍ਹਾਂ ਕਾਰਕੁੰਨਾਂ ਵਿਚ ਇਕ ਸਾਬਕਾ ਪੀੜਤ ਵੀ ਸ਼ਾਮਲ ਸੀ। ਇਨ੍ਹਾਂ ਨੇ ਹਾਲ ਹੀ ਵਿਚ ਇਸ ਸਮੱਸਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਵਿਚ ‘‘ਨਸ਼ਿਆਂ ਵਿਰੁੱਧ ਕਾਲਾ ਹਫ਼ਤਾ’’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਗਰੁੱਪ ਵਿਚ ਡਾਕਟਰ ਭੁਪਿੰਦਰ ਸਿੰਘ, ਹਾਕਮ ਸਿੰਘ, ਬਲਜੀਤ ਪਨੂੰ ਅਤੇ ਬਲਜਿੰਦਰ ਸਿੰਘ(ਮਿੰਟੂ) ਸ਼ਾਮਲ ਸਨ। ਮਿੰਟੂ ਆਪ ਕਿਸੇ ਸਮੇਂ ਨਸ਼ਿਆਂ ਤੋਂ ਪੀੜਤ ਸੀ।



