ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਹਿਕਾਰੀ ਬੈਂਕ ਨੂੰ ਦੇਸ਼ ਦਾ ਨੰਬਰ ਇੱਕ ਬੈਂਕ ਬਣਾਉਣ ’ਤੇ ਜ਼ੋਰ

ਸਹਿਕਾਰੀ ਬੈਂਕਾਂ ਨੂੰ ਮਜ਼ਬੂਤ ਬਣਾਉਣ ਅਤੇ ਆਧੁਨਿਕੀਕਰਨ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਲਾਭ ਹੋਵੇਗਾ

image ਚੰਡੀਗੜ੍ਹ, 4 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਰਾਜ ਸਹਿਕਾਰੀ ਬੈਂਕ ਨੂੰ ਦੇਸ਼ ਦੀ ਨੰਬਰ ਇੱਕ ਬੈਂਕ ਬਣਾਉਣ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡਾ ਲਾਭ ਹੋਵੇਗਾ ਕਿਉਂਕਿ ਸਹਿਕਾਰੀ ਬੈਂਕਾਂ ਇਨ੍ਹਾਂ ਵਰਗਾਂ ਨੂੰ ਵਡਮੁੱਲੀਆਂ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਲੱਗੀਆਂ ਹੋਈਆਂ ਹਨ।ਪੰਜਾਬ ਰਾਜ ਸਹਿਕਾਰੀ ਬੈਂਕਾਂ ਲਈ ਨਵੇਂ ਚੁਣੇ ਗਏ ਸੀਨੀਅਰ ਮੈਨੇਜਰਾਂ, ਮੈਨੇਜਰਾਂ ਅਤੇ ਸੂਚਨਾ ਤਕਨਾਲੋਜੀ ਅਧਿਕਾਰੀਆਂ ਨੂੰ ਪੰਜਾਬ ਭਵਨ ਵਿਖੇ  ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਰਾਜ ਦੇ ਦਿਹਾਤੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਬੈਂਕਿੰਗ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ ਜਿਸ

ਕਰਕੇ ਰਾਜ ਸਰਕਾਰ ਨੇ ਇਨ੍ਹਾਂ ਬੈਂਕਾਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਆਧੁਨਿਕੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਸ.ਬਾਦਲ ਨੇ ਕਿਹਾ ਕਿ ਇਹ ਅਧਿਕਾਰੀ ਨਾ ਕੇਵਲ ਇਨ੍ਹਾਂ ਸਹਿਕਾਰੀ ਬੈਂਕਾਂ ਦਾ ਕੰਮਕਾਜ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਵੀ ਮਦਦ ਦੇਣਗੇ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਦੇ ਨਾਲ ਨਾਲ ਦਿਹਾਤੀ ਵਿਕਾਸ ਲਈ ਵੀ ਕੁੰਜੀਵਤ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਵੇਂ ਰਾਜ ਸਰਕਾਰ ਨੇ ਇਨ੍ਹਾਂ ਬੈਂਕਾਂ ਦਾ ਬੁਨਿਆਦੀ ਢਾਂਚਾ ਉਚਾ ਚੁੱਕਣ ਲਈ ਪਹਿਲਾਂ ਹੀ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਇਸ ਭਰਤੀ ਨਾਲ ਬੈਂਕਾਂ ਵਿੱਚ ਮਾਨਵੀ ਸਰੋਤਾਂ ਦੀ ਲੋੜੀਂਦੀ ਜ਼ਰੂਰਤ ਪੂਰੀ ਹੋ ਜਾਵੇਗੀ ਅਤੇ ਇਹ ਆਪਣੇ ਗਾਹਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾ ਸਕਣਗੇ। ਸ. ਬਾਦਲ ਨੇ ਕਿਹਾ ਕਿ 90 ਪੇਸ਼ੇਵਰ ਅਧਿਕਾਰੀਆਂ ਦੀ ਭਰਤੀ ਨਾਲ ਇਨ੍ਹਾਂ ਬੈਂਕਾਂ ਦੇ ਸਮੁੱਚੇ ਕੰਮਕਾਜ ਵਿੱਚ ਵੱਡੀ ਤਬਦੀਲੀ ਆਵੇਗੀ ਅਤੇ ਇਹ ਲੋਕਾਂ ਨੂੰ ਹੋਰ ਵਧੀਆ ਸੇਵਾਵਾਂ ਮੁਹੱਈਆ ਕਰਾਉਣ ‘ਤੇ ਧਿਆਨ ਕੇਂਦਰਤ ਕਰ ਸਕਣਗੇ।
ਨਵੇਂ ਨਿਯੁਕਤ ਗਏ ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਸਫ਼ਲਤਾ ਲਈ ਉਸ ਨੂੰ ਸਖਤ ਮਿਹਨਤ ਨਾਲ ਆਪਣਾ ਕੰਮ ਕਰਨ ਦੀ ਜ਼ਰੂਰਤ ਹੈ ਅਤੇ ਇਹ ਜ਼ਿੰਮੇਵਾਰੀ ਸਮਰਪਣ ਦੇ ਤਰੀਕੇ ਨਾਲ ਨਿਭਾਈ ਜਾਣੀ ਚਾਹੀਦੀ ਹੈ। ਸ. ਬਾਦਲ ਨੇ ਉਮੀਦ ਪ੍ਰਗਟ ਕੀਤੀ ਕਿ ਇਨ੍ਹਾਂ ਅਧਿਕਾਰੀਆਂ ਵਲੋਂ ਸਖਤ ਮਿਹਨਤ ਅਤੇ ਸੰਜੀਦਗੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇਗੀ ਜੋ ਸਹਿਕਾਰੀ ਬੈਂਕਾਂ ਵਿੱਚ ਕੰਮ ਦੀ ਇੱਕ ਨਵੀਂ ਭਾਵਨਾ ਪੈਦਾ ਕਰੇਗੀ। ਉਨ੍ਹਾਂ ਨੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗਾਹਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਆਪਣੇ ਸਵਾਗਤੀ ਭਾਸ਼ਨ ਵਿੱਚ ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ਼੍ਰੀ ਐਸ.ਕੇ. ਸੰਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਪਾਰਦਰਸ਼ੀ ਤਰੀਕੇ ਨਾਲ ਮੁਕਾਬਲੇਬਾਜ਼ੀ ਇਮਤਿਹਾਨ ਰਾਹੀਂ ਕੀਤੀ ਗਈ ਹੈ। ਸ਼੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੀ ਭਰਤੀ ਨਾਲ ਬੈਂਕਾਂ ਦੇ ਕੰਮ ਕਾਜ ਨੂੰ ਵੱਡਾ ਹੁਲਾਰਾ ਮਿਲ਼ੇਗਾ ਅਤੇ ਸੇਵਾਵਾਂ ਦੇ ਮਿਆਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਵਿਭਾਗ ਨੇ 1044 ਅਸਾਮੀਆਂ ਭਰੀਆਂ ਹਨ ਅਤੇ 450 ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਸਮੇਂ ਦੌਰਾਨ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਇਨ੍ਹਾਂ ਨਵੇਂ ਚੁਣੇ ਗਏ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਇਸ ਮੌਕੇ ਹਾਜ਼ਰ ਹੋਰਨਾਂ ਉਘੀਆਂ ਸਖਸ਼ੀਅਤਾਂ ਵਿੱਚ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਸ਼੍ਰੀ ਐਸ.ਐਸ.ਮੁਰਾਰ, ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਏ.ਐਸ. ਮਿਗਲਾਨੀ ਅਤੇ ਪ੍ਰਬੰਧਕੀ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕਾਂ ਸ਼੍ਰੀ ਕਮਲਦੀਪ ਸਿੰਘ ਸੰਘਾ ਸ਼ਾਮਲ ਸਨ।

Send this to a friend