Skip to content
Independent perspectives. Global stories.
BREAKING

ਪੰਜਾਬ ਪੁਲਿਸ ਖਿਲਾਫ਼ ਚੋਣਵੀਂ ਕਾਰਵਾਈ

Share this story

ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀਆਂ ਕੋਸ਼ਿਸ਼ਾਂ ਆਰੰਭੀਆਂ ਗਈਆਂ ਹਨ। ਇਨ੍ਹਾਂ ਕੋਸ਼ਿਸ਼ਾਂ ਤਹਿਤ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਮੋਗਾ ਦੇ ਪੁਲਿਸ ਮੁਖੀ ਨੂੰ ਹਟਾ ਦਿੱਤਾ ਗਿਆ ਹੈ। ਇਕ ਡੀ.ਐਸ.ਪੀ. ਨੂੰ ਮੁਅੱਤਲ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇੰਸਪੈਕਟਰ ਅਤੇ ਹੇਠਲੇ ਰੈਂਕ ਦੇ ਅੱਧਾ ਦਰਜਨ ਦੇ ਕਰੀਬ ਪੁਲਿਸ ਵਾਲਿਆਂ ਖਿਲਾਫ਼ ਵੀ ਅਜਿਹੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸ਼ੱਕੀ ਦੋਸ਼ੀ ਪੁਲਿਸ ਵਾਲਿਆਂ ਖਿਲਾਫ਼ ਤੁਰਤ-ਫੁਰਤ ਕਾਰਵਾਈ ਕਰਨਾ ਇਕ ਚੰਗਾ ਕਦਮ ਹੈ। ਇਸ ਨਾਲ ਪੁਲਿਸ ਅੰਦਰ ਇਕ ਚੰਗਾ ਸੰਦੇਸ਼ ਗਿਆ ਹੈ। ਲੋਕਾਂ ਵੱਲੋਂ ਵੀ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਹੋ ਰਹੀ ਹੈ। ਕਿਸੇ ਵੀ ਤਰ੍ਹਾਂ ਨਸ਼ਿਆਂ ਦੀ ਤਸਕਰੀ ਅਤੇ ਹੋਰ ਅਪਰਾਧਕ ਸਰਗਰਮੀਆਂ ਵਿੱਚ ਸ਼ਾਮਿਲ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਸਮੇਂ ਦੀ ਲੋੜ ਹੈ। ਪਰ ਇਹ ਕਾਰਵਾਈ ਚੋਣਵੇਂ ਪੱਧਰ ’ਤੇ ਨਹੀਂ ਹੋਣੀ ਚਾਹੀਦੀ। ਸਰਕਾਰ ਉਨ੍ਹਾਂ ਹੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕਰ ਰਹੀ ਹੈ, ਜਿਨ੍ਹਾਂ ਦੀ ਸ਼ਿਕਾਇਤ ਸੋਸ਼ਲ ਮੀਡੀਆ ਅਤੇ ਰਵਾਇਤੀ ਮੀਡੀਆ ਵਿੱਚ ਸਾਹਮਣੇ ਆ ਰਹੀ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਆਪਣੇ ਪੱਧਰ ’ਤੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਪੁਛ-ਪੜਤਾਲ ਨਹੀਂ ਕਰ ਰਹੀ। ਹਾਲੇ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਕਮੇਟੀ ਦਾ ਗਠਨ ਵੀ ਨਹੀਂ ਕੀਤਾ। ਸਭ ਨੂੰ ਪਤਾ ਹੈ ਕਿ ਪਿਛਲੇ ਇਕ ਦਹਾਕੇ ਤੋਂ ਨਸ਼ਿਆਂ ਦੀ ਤਸਕਰੀ ’ਚੋਂ ਪੁਲਿਸ ਅਧਿਕਾਰੀਆਂ ਨੇ ਵੱਡੀਆਂ ਜਾਇਦਾਦਾਂ ਬਣਾਈਆਂ। ਇਸ ਸਬੰਧ ਵਿੱਚ ਫੜੇ ਕੁਝ ਪੁਲਿਸ ਅਧਿਕਾਰੀਆਂ ਤੋਂ ਪੁਛਗਿੱਛ ਦੌਰਾਨ ਵੀ ਅਜਿਹੇ ਤੱਥ ਸਾਹਮਣੇ ਆ ਚੁੱਕੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਚੋਣਵੇਂ ਪੱਧਰ ’ਤੇ ਕਾਰਵਾਈ ਕਰਨ ਦੀ ਥਾਂ ਸਮੁੱਚੇ ਤੌਰ ’ਤੇ ਪੁਲਿਸ ਦੀ ਕਾਰਗੁਜਾਰੀ ਦਾ ਜਾਇਜ਼ਾ ਲਵੇ। ਹਰ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਦੀ ਇਸ ਪੱਖ ਤੋਂ ਸਕਰੀਨਿੰਗ ਕਰਨ ਦੀ ਜ਼ਰੂਰਤ ਹੈ। ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀਆਂ ਜਾਇਦਾਦਾਂ ਦੇ ਵੇਰਵੇ ਦੇਣ ਲਈ ਆਖਿਆ ਜਾਵੇ। ਜ਼ਿਲ੍ਹਾ ਪੱਧਰ ’ਤੇ ਚੌਕਸੀ ਕਮੇਟੀਆਂ ਬਣਾ ਕੇ ਵੀ ਇਹ ਕਾਰਜ ਸਹਿਜ ਨਾਲ ਕੀਤਾ ਜਾ ਸਕਦਾ ਹੈ। ਨਸ਼ਿਆਂ ਦੇ ਤਸਕਰਾਂ ਨਾਲ ਰਲੇ ਹੋਏ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਹਟਾ ਕੇ ਉਨ੍ਹਾਂ ਖਿਲਾਫ ਉਚ ਪੱਧਰੀ ਜਾਂਚ ਬਿਠਾਈ ਜਾਵੇ। ਜਦੋਂ ਤੱਕ ਪੁਲਿਸ ਦੇ ਕੰਮਕਾਜ ਨੂੰ ਦਰੁਸਤ ਨਹੀਂ ਕੀਤਾ ਜਾਂਦਾ ਅਤੇ ਦੋਸ਼ੀ ਪੁਲਿਸ ਵਾਲਿਆਂ ਖਿਲਾਫ਼ ਕਰੜੀ ਤੋਂ ਕਰੜੀ ਕਾਰਵਾਈ ਨਹੀਂ ਹੁੰਦੀ ਤਦ ਤੱਕ ਨਸ਼ਿਆਂ ਅਤੇ ਹੋਰ ਅਪਰਾਧਾਂ ਨੂੰ ਠੱਲ੍ਹ ਪਾਉਣਾ ਮੁਸ਼ਕਿਲ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਇਸ ਦਿਸ਼ਾ ਵਿੱਚ ਪਹਿਲਕਦਮੀ ਲੈਣ ਤਾਂ ਜੋ ਪੰਜਾਬ ਨੂੰ ਮੁੜ ਨਸ਼ਾ ਮੁਕਤ ਕੀਤਾ ਜਾ ਸਕੇ।
10 ਜੁਲਾਈ 2018 – ਬਲਜੀਤ ਸਿੰਘ ਬਰਾੜ

 

WRITTEN BY