ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਕਿਸਾਨ ਧੰਨਵਾਦ ਰੈਲੀ ’ਚ ਗਿਣਾਈਆਂ ਪ੍ਰਾਪਤੀਆਂ

ਮਲੋਟ, 11 ਜੁਲਾਈ- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦਾ ਅਜਿਹਾ ਕੋਈ ਖ਼ੇਤਰ ਨਹੀਂ ਜਿੱਥੇ ਪੰਜਾਬੀਆਂ ਨੇ ਆਪਣਾ ਲੋਹਾ ਨਾ ਮੰਨਵਾਇਆ ਹੋਵੇ। ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਖੁਸ਼ਹਾਲੀ ਅਤੇ ਅੰਨ ਭੰਡਾਰ ਵਿਚ ਆਪਣਾ ਯੋਗਦਾਨ ਪਾ ਕੇ ਦੇਸ਼ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। ਉਹ ਅੱਜ ਇੱਥੋਂ ਦੀ ਦਾਣਾ ਮੰਡੀ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀ ਗਈ ਕਿਸਾਨ ਮਜ਼ਦੂਰ ਧੰਨਵਾਦ ਰੈਲੀ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਭਿਆਨਕ ਸਥਿਤੀਆਂ ਨਾਲ ਲੜ ਕੇ ਦੇਸ਼ ਦੇ ਅੰਨ ਭੰਡਾਰ ਭਰੇ। ਇਸ ਕਾਰਨ ਹੀ ਅੱਜ ਦੇਸ਼ ਵਿਚ ਉਤਪਾਦਨ ਦੇ ਸਾਰੇ ਰਿਕਾਰਡ ਟੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਮਲੋਟ ਦੀ ਧਰਤੀ ਕਪਾਹ ਦੀ ਖ਼ੇਤੀ ਲਈ ਪ੍ਰਸਿੱਧ ਹੈ। ਇਸ ਖ਼ੇਤਰ ਦੇ ਕਿਸਾਨਾਂ ਨੇ ਚਿੱਟੇ ਸੋਨੇ ਦੀ ਖ਼ੇਤੀ ਕਰਕੇ ਦੇਸ਼ ਵਿਚ ਆਪਣਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫ਼ਸਲ ਹੁਣ ਨਰਮ ਨਹੀ ਰਹੇਗੀ ਇਹ ਕਿਸਾਨਾਂ ਦੀ ਆਰਥਿਕ ਸਥਿਤੀਆਂ ਨੂੰ ਹੋਰ ਮਜ਼ਬੂਤ ਕਰੇਗੀ।। ਉਨ੍ਹਾਂ ਆਪਣੀ ਵਚਨਬੱਧਤਾ ਪ੍ਰਗਟਾਉਦਿਆਂ ਕਿਹਾ ਕਿ 2022 ਤੱਕ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ। ਜਿਸ ਨਾਲ ਕਿਸਾਨ ਖੁਸ਼ਹਾਲ ਜ਼ਿੰਦਗੀ ਬਤੀਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਆਰਥਿਕ ਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ 14 ਫ਼ਸਲਾਂ ਦੇ ਨਿਊਨਤਮ ਮੁੱਲ ਵਿਚ 200 ਰੁਪਏ ਤੋਂ ਲੈ ਕੇ 1800 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੀ ਝੋਨੇ ਦੇ ਸਮਰਥਨ ਮੁੱਲ ਵਿਚ 1750 ਰੁਪਏ ਦਾ ਲਾਭ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਮੱਕੀ, ਬਜਾਰਾ ਅਤੇ ਰਾਜੀ ਦੀ ਫ਼ਸਲ ਦੇ ਸਮਰਥਨ ਮੁੱਲ ਵਿਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਦੀ ਕਾਂਗਰਸ ਸਰਕਾਰ ਨੂੰ ਕਿਸਾਨ ਵਿਰੋਧੀ ਗਰਦਾਨਦਿਆਂ ਕਿਹਾ ਕਿ ਉਸ ਵਲੋਂ ਆਪਣੇ ਕਾਰਜਕਾਲ ਦੌਰਾਨ ਕੋਈ ਕਿਸਾਨ ਪੱਖੀ ਯੋਜਨਾਵਾਂ ਨਹੀਂ ਲਿਆਂਦੀਆਂ ਗਈਆਂ ਜਿਸ ਕਾਰਨ ਦੇਸ਼ ਦੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰ ਪਏ। ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਇਕ ਪੈਨਸ਼ਨ/ਇਕ ਰੈਂਕ ਦਾ ਆਪਣਾ ਵਾਅਦਾ ਨਿਭਾਇਆ ਗਿਆ ਹੈ। ਇਸ ਤਰ੍ਹਾਂ ਹੀ ਫ਼ਸਲਾਂ ਦੇ ਐ¤ਮ.ਐ¤ਸ.ਪੀ. ਤੇ ਵੀ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਲਈ ਇਕ ਵਿਆਪਕ ਰਣਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦਿਆਂ ਵਿਰੋਧੀਆਂ ਦੇ ਹੋਸ਼ ਉਡ ਗਏ ਹਨ। ਉਨ੍ਹਾਂ ਆਪਣੀ ਸਰਕਾਰ ਦੀਆਂ ਪਿੱਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੱਛਲੇ ਚਾਰ ਸਾਲਾਂ ਵਿਚ ਜ਼ਮੀਨ ਦੀ ਪਰਖ਼ ਲਈ ਦੇਸ਼ ਦੇ 15 ਕਰੋੜ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਬਣਾ ਕੇ ਦਿੱਤੇ ਗਏ ਹਨ, ਜਿੰਨ੍ਹਾਂ ਤੇ 1200 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਮਿੱਟੀ ਦੀ ਪਰਖ਼ ਲਈ ਦੇਸ਼ ਵਿਚ 9 ਹਜ਼ਾਰ ਤੋਂ ਜਿਆਦਾ ਜਾਂਚ ਕੇਂਦਰ ਬਣਾਏ ਗਏ ਹਨ। ਇਸ ਤਰ੍ਹਾਂ ਹੀ ਕਿਸਾਨਾਂ ਦੀ ਫ਼ਸਲ ਲਈ ਯੂਰੀਆਂ ਦੀ ਘਾਟ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਲਿਆਂਦੀਆਂ ਗਈਆਂ ਯੋਜਨਾਵਾਂ ਨਾਲ ਪੰਜਾਬ ਦੇ ਕਿਸਾਨਾਂ ਨੂੰ 4500 ਕਰੋੜ ਰੁਪਏ ਦਾ ਲਾਭ ਮਿਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬੀਜਾਂ ਦੀ ਸਮੱਸਿਆ ਨੂੰ ਦੇਖ਼ਦਿਆਂ ਹੋਇਆ ਪਿੱਛਲੇ ਸਮੇਂ ਵਿਚ 800 ਤੋਂ ਜਿਆਦਾ ਚੰਗੀ ਕੁਆਲਿਟੀ ਦੇ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਏ ਗਏ ਹਨ। ਸਿੰਚਾਈ ਦੀ ਵਿਵਸਥਾ ਲਈ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾਂ ਤਹਿਤ 25 ਲੱਖ ਹੈਕਟੇਅਰ ਰਕਬੇ ਤੱਕ ਸਿੰਚਾਈ ਦੀ ਸਹੂਲਤ ਪੁੱਜਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਚੋਲਿਆਂ ਦੀ ਲੁੱਟ ਤੋਂ ਬਚਾਉਣ ਲਈ ਇੰਟਰਨੈਟ ਦੇ ਜਰੀਏ ਆਪਣੀ ਫ਼ਸਲ ਨੂੰ ਵੇਚਣ ਲਈ ਪੰਜਾਬ ਦੀਆਂ 19 ਮੰਡੀਆਂ ਨੂੰ ਇੰਟਰਨੈਟ ਨਾਲ ਜੋੜਿਆ ਗਿਆ ਹੈ। ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਪੰਜਾਬ ਵਿਚ 3 ਫੂਡ ਪ੍ਰੌਸੈਸਿੰਗ ਯੂਨਿਟ ਸਥਾਪਿਤ ਕੀਤੇ ਗਏ ਹਨ। ਜਿੰਨ੍ਹਾਂ ਵਿਚ 1500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੂਡ ਪਾਰਕ, ਗੁਦਾਮ ਆਦਿ ਬਣਾ ਕੇ ਸਪਲਾਈ ਲਾਇਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸ੍ਰੀ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਹਰੀ ਕ੍ਰਾਂਤੀ ਵਰਗੀ ਭੂਮਿਕਾ ਨਿਭਾ ਕੇ ਖੇਤੀ ਦੇ ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਤਾਂ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਮੱਛੀ ਪਾਲਣ, ਦੁੱਧ ਉਤਪਾਦਨ ਅਤੇ ਮਧੂ ਮੱਖੀ ਪਾਲਣ ਵਰਗੇ ਕਿੱਤੇ ਕਿਸਾਨਾਂ ਦੀ ਆਮਦਨ ਵਧਾਉਣ ਵਿਚ ਕਾਰਗਰ ਸਾਬਿਤ ਹੋ ਸਕਦੇ ਹਨ। ਉਨ੍ਹਾਂ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਲਕਿ ਉਸ ਨੂੰ ਖੇਤ ਵਿਚ ਵਹਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਲਈ ਵਿਸ਼ੇਸ਼ ਸਹੂਲਤਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ਤੇ ਲੈਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਬਠਿੰਡਾ ਵਿਚ ਏਮਜ਼ ਦੇ ਨਿਰਮਾਣ ਨੂੰ ਤੇਜ ਕਰਵਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਪਿੱਛਲੇ ਇਕ ਸਾਲ ਦੇ ਸਮੇਂ ਵਿਚ ਹੀ ਵਰਲਡ ਬੈਂਕ ਦੀ ਰਿਪੋਰਟ ਮੁਤਾਬਿਕ ਪਿੱਛੇ ਨਿਵਾਣਾ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਸ੍ਰੀ ਮੋਦੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸਿੱਖ ਧਰਮ ਦੇ ਬਾਨੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਗੁਰਪੁਰਬ ਨੂੰ ਮਾਨਵਤਾ ਭਲਾਈ ਦੇ ਪੁਰਬ ਵਜੋਂ ਮਨਾਉਣ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਿਰਪਾਓ ਪਾ ਕੇ ਅਤੇ ਦਸਤਾਰ ਸਜਾ ਕੇ ਸਨਮਾਨਿਤ ਕੀਤਾ ਗਿਆ। ਇਸ ਰੈਲੀ ਦੌਰਾਨ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ, ਕੇਂਦਰੀ ਮੰਤਰੀ ਵਿਜੈ ਸਾਂਪਲਾ, ਅਵਿਨਾਸ਼ ਰਾਏ ਖੰਨਾ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸਿੰਕਦਰ ਸਿੰਘ ਮਲੂਕਾ, ਤਰੁੱਣ ਚੁੱਘ, ਹਰਿਆਣਾ ਬੀ.ਜੇ.ਪੀ. ਪ੍ਰਧਾਨ ਸੁਭਾਸ਼ ਬਰੇਲਾ ਤੋਂ ਇਲਾਵਾ ਅਕਾਲੀ ਭਾਜਪਾ ਵਰਕਰ ਅਤੇ ਆਗੂ ਵੀ ਹਾਜ਼ਰ ਸਨ।



