Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਲੇ

Share this story

ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਦਿੱਤੇ ਜਾਣਗੇ ਵੱਡੇ ਇਨਾਮ : ਭਾਈ ਲੌਂਗੋਵਾਲ

ਤਲਵੰਡ ਸਾਬੋ (ਬਠਿੰਡਾ), 12 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਵੱਡੇ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਣ ਵਾਲੇ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਲੰਪਿਕ ਖੇਡਾਂ ਦੌਰਾਨ ਸੋਨੇ ਦਾ ਮੈਡਲ ਪ੍ਰਾਪਤ ਕਰਨ ’ਤੇ 5 ਲੱਖ ਰੁਪਏ, ਚਾਂਦੀ ਦਾ ਮੈਡਲ ਪ੍ਰਾਪਤ ਕਰਨ ’ਤੇ 4 ਲੱਖ ਰੁਪਏ ਅਤੇ ਕਾਂਸੀ ਦਾ ਮੈਡਲ ਪ੍ਰਾਪਤ ਕਰਨ ਵਾਲੇ ਨੂੰ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਇਆ ਕਰੇਗੀ। ਇਸੇ ਤਰ੍ਹਾਂ ਏਸ਼ੀਅਨ ਖੇਡਾਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਮੈਡਲ ਜਿੱਤਣ ਵਾਲਿਆਂ ਨੂੰ ਕ੍ਰਮਵਾਰ 4 ਲੱਖ, 3 ਲੱਖ ਅਤੇ 2 ਲੱਖ ਰੁਪਏ ਦੀ ਰਾਸ਼ੀ ਨਾਮ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਾਮਨ ਵੈਲਥ ਖੇਡਾਂ ਵਿਚ ਸੋਨੇ ਦਾ ਮੈਡਲ ਜੇਤੂ ਗੁਰਸਿੱਖ ਖਿਡਾਰੀਆਂ ਨੂੰ 3 ਲੱਖ ਰੁਪਏ, ਚਾਂਦੀ ਲਈ 2 ਲੱਖ ਅਤੇ ਕਾਂਸੀ ਦਾ ਮੈਡਲ ਜੈਤੂਆਂ ਨੂੰ 1 ਲੱਖ ਰੁਪਏ ਨਾਲ ਨਿਵਾਜਿਆ ਜਾਵੇਗਾ। ਇਸੇ ਤਰ੍ਹਾਂ ਸੈਫ ਖੇਡਾਂ, ਨੈਸ਼ਨਲ ਖੇਡਾਂ ਅਤੇ ਸਟੇਟ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਗੁਰਸਿੱਖ ਖਿਡਾਰੀਆਂ ਲਈ ਵੀ ਵੱਡੇ ਇਨਾਮਾਂ ਦਾ ਫੈਸਲਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਪਟਿਆਲਾ ਨਿਵਾਸੀ ਸਾਬਤ ਸੂਰਤ ਗੁਰਸਿੱਖ ਸ. ਅਮਨਦੀਪ ਸਿੰਘ ਜਿਸ ਨੇ ਆਈ.ਏ.ਐਸ. ਦੀ ਪ੍ਰੀਖਿਆ ਵਿੱਚੋਂ ਵਧੀਆ ਰੈਂਕ ਹਾਸਲ ਕੀਤਾ ਹੈ, ਨੂੰ ਸ਼੍ਰੋਮਣੀ ਕਮੇਟੀ 1 ਲੱਖ ਰੁਪਏ ਨਾਲ ਸਨਮਾਨਿਤ ਕਰੇਗੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਸ. ਬਲਦੇਵ ਸਿੰਘ ਸੜਕਨਾਮਾ ਵੱਲੋਂ ਲਿਖੇ ਗਏ ਨਾਵਲ ‘ਸੂਰਜ ਦੀ ਅੱਖ’ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰ ਹਾਜ਼ਰ ਸਨ।

WRITTEN BY