Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 200 ਕਰੋੜ ਰੁਪਏ ਦਾ ਐਲਾਨ

Share this story

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਦੇਣ ਵਾਸਤੇ ਕੇਂਦਰੀ ਵਿਦੇਸ਼ ਮੰਤਰਾਲੇ ਦਾ ਦਖ਼ਲ ਮੰਗਿਆ

ਚੰਡੀਗੜ੍ਹ, 12 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਤੁਰੰਤ 100 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਨਗਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਵਿਕਾਸ ਲਈ ਅਗਲੇ ਵਿੱਤੀ ਸਾਲ ਦੇ ਬਜਟ ਵਿੱਚ ਹੋਰ 100 ਕਰੋੜ ਦਾ ਉਪਬੰਧ ਕਰਨ ਲਈ ਵੀ ਕਿਹਾ।
ਪ੍ਰਕਾਸ਼ ਪੁਰਬ ਦੇ ਸਮਾਗਮ ਲਈ ਕਾਇਮ ਕੀਤੀ ਸੂਬਾ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਇਸ ਪਵਿੱਤਰ ਮੌਕੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਸੌਂਪੀ 2145 ਕਰੋੜ ਰੁਪਏ ਦੀ ਤਜਵੀਜ਼ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਕੋਲ ਪੈਰਵੀ ਕਰਨ ਲਈ ਆਖਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਜਿੱਥੇ ਪਹਿਲੇ ਸਿੱਖ ਗੁਰੂ ਜੋਤੀ-ਜੋਤਿ ਸਮਾਏ ਸਨ, ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਮੁੱਖ ਸਮਾਗਮਾਂ ਦੌਰਾਨ ਘੱਟੋ-ਘੱਟ ਇਕ ਹਫ਼ਤਾ ਵਿਸ਼ੇਸ਼ ਲਾਂਘੇ ਰਾਹੀਂ ਖੁੱਲ੍ਹੇ ਤੌਰ ’ਤੇ ਜਾਣ ਦੇਣ ਦੀ ਆਗਿਆ ਲਈ ਉਹ ਭਾਰਤੀ ਵਿਦੇਸ਼ੀ ਮੰਤਰਾਲੇ ਨੂੰ ਪੱਤਰ ਲਿਖਣਗੇ ਕਿ ਇਹ ਮਾਮਲਾ ਮੰਤਰਾਲੇ ਵੱਲੋਂ ਪਾਕਿਸਤਾਨੀ ਹਮਰੁਤਬਾ ਕੋਲ ਉਠਾਇਆ ਜਾਵੇ।
ਕਮੇਟੀ ਵੱਲੋਂ ਦਿੱਤੇ ਇਕ ਹੋਰ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਪੰਜ ਤਖ਼ਤ ਸਾਹਿਬਾਨ ਨੂੰ ਜੋੜਦੀ ਇਕ ਵਿਸ਼ੇਸ਼ ਰੇਲਗੱਡੀ ਚਲਾਉਣ ਦੀ ਸੰਭਾਵਨਾ ਤਲਾਸ਼ਣ ਦੀ ਹਦਾਇਤ ਕੀਤੀ। ਪਹਿਲੇ ਸਿੱਖ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਮਹਾਨਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਸਦਭਾਵਨਾ ਵਜੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਪਹਿਲਾਂ ਜਾਰੀ ਪ੍ਰਥਾ ਦੇ ਅਨੁਸਾਰ ਉਨ੍ਹਾਂ ਦੇ ਚੰਗੇ ਅਤੇ ਤਸੱਲੀਬਖਸ਼ ਆਚਰਣ ਦੇ ਮੱਦੇਨਜ਼ਰ ਰਿਹਾਅ ਕਰਨ ਦੀ ਤਜਵੀਜ਼ ਨਾਲ ਸਹਿਮਤੀ ਜ਼ਾਹਰ ਕੀਤੀ।

WRITTEN BY