ਚੰਡੀਗੜ੍ਹ, 23 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀ.ਐਸ.ਟੀ. ਦੇ ਸਾਰੇ ਬਕਾਇਆ ਬਿੱਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ, 2018 ਤੱਕ ਦੇ ਵੈਟ/ਜੀ.ਐਸ.ਟੀ ਰਿਫੰਡ ਭੁਗਤਾ ਦਿੱਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਜਾਰੀ ਕਰ ਦਿੱਤੇ ਹਨ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਤਰ੍ਹਾਂ ਸਰਕਾਰ ਨੇ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਲਈ ਨਾਬਾਰਡ ਨੂੰ ਵੀ 7 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ 230 ਕਰੋੜ ਦੀ ਰਾਸ਼ੀ ਨਾਲ 31 ਮਈ, 2018 ਤੱਕ ਪੈਨਸ਼ਨਰਾਂ ਦੇ ਸੇਵਾ-ਮੁਕਤੀ ਲਾਭ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੇ ਜੀ.ਪੀ.ਐਫ. ਐਡਵਾਂਸ ਦਾ ਵੀ ਭੁਗਤਾਨ ਕਰ ਦਿੱਤਾ ਹੈ।