ਚਮਕੌਰ ਸਾਹਿਬ ਵਿਖੇ ਬਣਨ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ ਪੂਰਨ ਸਹਿਯੋਗ ਦੇਵੇਗੀ ਕੇਂਦਰ ਸਰਕਾਰ
ਐਸ.ਏ.ਐਸ. ਨਗਰ/ ਚੰਡੀਗੜ੍ਹ, 28 ਜੁਲਾਈ- ਕੇਂਦਰ ਸਰਕਾਰ, ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਰਸੋਈ ਗੈਸ ਪਾਈਪਲਾਈਨ ਵਿਛਾਉਣ ਦੀ ਯੋਜਨਾ ਬਣਾ ਰਹੀ ਹੈ ਤੇ ਸਭ ਤੋਂ ਪਹਿਲਾਂ ਇਹ ਸਹੂਲਤ ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ ਕੇਂਦਰ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਤੇ ਉਦਮਿਤਾ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੇ ਪਿੰਡ ਸਨੇਟਾ ਵਿਖੇ ਲੜਕੀਆਂ ਲਈ ਬਣਾਈ ਜਾਣ ਵਾਲੀ ਪੰਜਾਬ ਦੀ ਪਹਿਲੀ ਕੌਮੀ ਹੁਨਰ ਸਿਖਲਾਈ ਸੰਸਥਾ ਦਾ ਨੀਂਹ ਪੱਥਰ ਰੱਖਣ ਅਤੇ ਮੋਹਾਲੀ ਵਿਖੇ ਦਿਵਿਆਂਗਾਂ ਲਈ ਪ੍ਰਧਾਨ ਮੰਤਰੀ ਹੁਨਰ ਕੇਂਦਰ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਪੰਜਾਬ ਸਰਕਾਰ ਵੱਲੋਂ ਇਸ ਸੰਸਥਾ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਪ੍ਰਧਾਨ ਨੇ ਕਿਹਾ ਕਿ ਇਹ ਸੰਸਥਾ ਕੇਵਲ ਵਿਦਿਆਰਥੀਆਂ ਲਈ ਹੀ ਨਹੀਂ ਹੋਵੇਗੀ, ਸਗੋਂ ਜਿਹੜੇ ਟਰੇਨਰਜ਼ ਵੱਖ-ਵੱਖ ਖੇਤਰਾਂ ਵਿੱਚ ਟਰੇਨਿੰਗ ਦੇ ਰਹੇ ਹਨ, ਉਹ ਵੀ ਇਸ ਸੰਸਥਾ ਵਿੱਚ ਆ ਕੇ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਨੇਟਾ ਵਿਚੇ ਸ਼ੁਰੂ ਹੋਣ ਵਾਲਾ ਇਹ ਪ੍ਰੋਜੈਕਟ ਕਾਫੀ ਸਮੇਂ ਤੋਂ ਪੈਂਡਿੰਗ ਪਿਆ ਸੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਮੰਤਰੀ ਦਾ ਰਾਜ ਦੇ 13 ਜ਼ਿਲ੍ਹਿਆਂ ਵਿੱਚ ਰਸੋਈ ਗੈਸ ਪਾਈਪਲਾਈਨ ਵਿਛਾਉਣ ਦੀ ਯੋਜਨਾ ਬਣਾਏ ਜਾਣ ਸਬੰਧੀ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਨਰਿੰਦਰ ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ (ਸਾਰੇ ਵਿਧਾਇਕ), ਕੈਬਿਨਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਡੀ.ਕੇ.ਤਿਵਾੜੀ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਵੀ ਮੌਜੂਦ ਸਨ।