April 25, 2026 12:15 am

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ ਜੰਗ ’ਚ ਵਿਦਿਅਕ ਸੰਸਥਾਵਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖਿਲਾਫ ਵਿਸ਼ਵ ਦੀ ਵੱਡੀ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 30 ਜੁਲਾਈ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ ਕਰਵਾਈ ਵਿਸ਼ਵ ਦੀ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ। ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀ, ਕੁਲ ਹਿੰਦ ਕਾਂਗਰਸ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ ’ਚ ਅਹਿਦ ਲਿਆ ਕਿ ਉਹ ਆਪੋ ਆਪਣੇ ਅਦਾਰਿਆਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਨਤੀਜਿਆਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ ਜਾਗਰੂਕਤਾ ਨੂੰ ਹੇਠਲੇ ਪੱਧਰ ਤੱਕ ਫੈਲਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਦੇ ਭਾਰੀ ਗਿਣਤੀ ਸਟਾਫ ਦੀ ਸ਼ਮੂਲੀਅਤ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਸੁਚੱਜੇ ਢੰਗ ਨਾਲ ਲਾਗੂ ਕਰ ਕੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਜਾ ਸਕਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਰਾਜ ਵਿੱਚ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਖੇਡ ਨੀਤੀ ਜਲਦ ਹੀ ਲਿਆਂਦੀ ਜਾ ਰਹੀ ਹੈ ਜਿਸ ਨਾਲ ਬਚਪਨ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਹਾਜ਼ਰ ਸਨ।

Send this to a friend