ਸੂਬੇ ’ਚ ਮਿਆਰੀ ਦੁੱਧ ਤੇ ਦੁੱਧ ਪਦਾਰਥ ਉਪਲੱਬਧ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ : ਬ੍ਰਹਮ ਮਹਿੰਦਰਾ
ਚੰਡੀਗੜ੍ਹ, 6 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਲਕ ਪਲਾਂਟ ਐਸੋਸੀਏਸ਼ਨ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਿਹਤ ਮੰਤਰੀ ਨੂੰ ਦੁੱਧ ਤੇ ਦੁੱਧ ਪਦਾਰਥਾਂ ਨਾਲ ਜੁੜੇ ਕਾਰੋਬਾਰੀਆਂ ਨੂੰ ਮਿਲਾਵਟਖੋਰਾਂ ਦੇ ਕਾਰਣ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਹਾਜਰ ਐਸੋਸੀਏਸ਼ਨਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਦੁੱਧ ਤੇ ਦੁੱਧ ਪਦਾਰਥ ਬਣਾਉਣ ਵਾਲੇ ਛੋਟੇ ਕਾਰੋਬਾਰੀਆਂ ਨੂੰ ਬਿਨ੍ਹਾਂ ਵਜ੍ਹਾ ਤੰਗ ਨਹੀਂ ਕੀਤਾ ਜਾਵੇਗਾ ਪਰ ਨਾਲ ਹੀ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੱਡੇ ਕਾਰੋਬਾਰੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭੋਜਨ ਪਦਾਰਥਾਂ ਨਾਲ ਜੁੜੇ ਕਾਰੋਬਾਰੀ ਐਫ.ਐਸ.ਐਸ.ਏ.ਆਈ. ਵਲੋਂ ਨਿਰਧਾਰਿਤ ਪੈਮਾਨਿਆਂ ਦੀ ਇੰਨ-ਬਿੰਨ ਪਾਲਣਾ ਕਰਨ ਤੇ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਪੋਸ਼ਟਿਕ ਤੇ ਸਿਹਮੰਦ ਭੋਜਨ ਯਕੀਨੀ ਤੌਰ ’ਤੇ ਮੁਹੱਈਆ ਕਰਵਾਇਆ ਜਾ ਸਕੇ।