ਸਿਆਸੀ ਪਾਰਟੀਆਂ ਮਾਘੀ ਦੇ ਪਵਿੱਤਰ ਮੌਕੇ ਕਾਨਫਰੰਸਾਂ ਨਾ ਕਰਨ : ਕੈਪਟਨ

ਕਾਂਗਰਸ ਤੇ ਸੂਬਾ ਸਰਕਾਰ ਨਹੀਂ ਕਰੇਗੀ ਕੋਈ ਜਨਤਕ ਪ੍ਰੋਗਰਾਮ

ਚੰਡੀਗੜ੍ਹ, 4 ਜਨਵਰੀ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੀ ਪਵਿਤਰਤਾ ਦੇ ਮਦੇਨਜ਼ਰ ਕੋਈ ਸਿਆਸੀ। ਕਾਨਫਰੰਸ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਇਸ ਪਵਿਤਰ ਮੌਕੇ ‘ਤੇ ਨਾ ਤਾਂ ਕਾਂਗਰਸ ਪਾਰਟੀ ਅਤੇ ਨਾ ਹੀ ਸੂਬਾ ਸਰਕਾਰ ਕੋਈ ਜਨਤਕ ਸਮਾਗਮ ਕਰੇਗੀ। ਇਹ ਪ੍ਰਗਟਾਵਾ ਕਰਦਿਆਂ ਮੁਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਸ ਮੁਕਦਸ ਮੌਕੇ ਨੂੰ ਸਿਆਸਤ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ ਸਗੋਂ ਇਸ ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ।
ਮੁਖ ਮੰਤਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਇਹ ਪਵਿਤਰ ਮੌਕਾ 40 ਮੁਕਤਿਆਂ ਦੇ ਸਤਿਕਾਰ ਵਿਚ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ਮੁਗਲਾਂ ਖਿਲਾਫ਼ ਲੜਦਿਆਂ ਸ਼ਹਾਦਤਾਂ ਦੇ ਦਿਤੀਆਂ ਸਨ। ਹਾਲਾਂਕਿ ਪੰਜਾਬ ਦੇ ਲੋਕ ਵੀ ਮਹਿਸੂਸ ਕਰਦੇ ਹਨ ਕਿ ਪਿਛਲੇ ਕੁਝ ਸਾਲਾਂ ਤੋਂ ਸਿਆਸੀ ਪਾਰਟੀਆਂ ਆਪਣੇ ਏਜੰਡੇ ਦੀ ਖਾਤਰ ਇਸ ਪਵਿਤਰ ਮੌਕੇ ਨੂੰ ਵਰਤਦੀਆਂ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਖਾਸ ਕਰਕੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਕਿ ਸਿਆਸੀ ਕਾਨਫਰੰਸਾਂ/ਰੈਲੀਆਂ ਕਰਨ ਦੀ ਬਜਾਏ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਟੁਟੀ ਗੰਢੀ ਸਾਹਿਬ ਦੇ ਪਵਿਤਰ ਅਸਥਾਨ ‘ਤੇ ਜਾ ਕੇ ਨਿਮਾਣੇ ਸ਼ਰਧਾਲੂ ਵਜੋਂ ਨਤਮਸਤਕ ਹੋਣ ਅਤੇ ਬਹਾਦਰ ਸਿਖਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਸ ਫੈਸਲੇ ਲੀਹ ‘ਤੇ ਬੀਤੇ ਸਾਲ ਵੀ ਮਾਘੀ ‘ਤੇ ਰਾਜ ਪਧਰੀ ਸਮਾਗਮ ਨਹੀਂ ਕੀਤਾ ਸੀ। ਇਸੇ ਦੌਰਾਨ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਇਸ ਸਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੌਕੇ ਰਾਜ ਪਧਰੀ ਸਮਾਗਮ/ਕਾਨਫਰੰਸ ਨਹੀਂ ਕੀਤੀ ਸੀ।
ਇਸੇ ਦੌਰਾਨ ਮੁਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ 14 ਜਨਵਰੀ, 2019 ਨੂੰ ਮਾਘੀ ਮੌਕੇ ਅਮਨ-ਕਾਨੂੰਨ ਦੀ ਵਿਵਸਥਾ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁਕਣ ਦੇ ਹੁਕਮ ਦਿਤੇ ਤਾਂ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਪਵਿਤਰ ਅਸਥਾਨ ‘ਤੇ ਨਤਮਸਤਕ ਹੋਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

Send this to a friend