550 ਸਾਲਾ ਪ੍ਰਕਾਸ਼ ਗੁਰਪੁਰਬ ਸਿੱਖੀ ਪ੍ਰਚਾਰ ਲਈ ਇਕ ਸੁਨਹਿਰੀ ਮੌਕਾ : ਗਿਆਨੀ ਹਰਪ੍ਰੀਤ ਸਿੰਘ
ਸੁਲਤਾਨਪੁਰ ਲੋਧੀ, 7 ਜਨਵਰੀ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ‘ਸ਼ਬਦ ਗੁਰੂ ਯਾਤਰਾ’ ਦੀ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭਤਾ ਹੋਈ। ਇਹ ਸ਼ਬਦ ਗੁਰੂ ਯਾਤਰਾ ਪੂਰੇ ਪੰਜਾਬ ਅੰਦਰ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਰਾਹੀਂ ਹੁੰਦੀ ਹੋਈ ਅਪ੍ਰੈਲ ਮਹੀਨੇ ਵਿਚ ਵਾਪਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੀ ਸੰਪੂਰਣ ਹੋਵੇਗੀ। ਸ਼ਬਦ ਗੁਰੂ ਯਾਤਰਾ ਅੱਜ ਪਹਿਲੇ ਪੜਾਅ ਤਹਿਤ ਇਥੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਲਈ ਰਵਾਨਾ ਹੋਈ, ਜਿਸ ਦੀ ਆਰੰਭਤਾ
ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਲਿਆ। ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਦਲ ਬਾਬਾ ਬਿੰਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ, ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਵਿਧਾਇਕ ਸ. ਗੁਰਪ੍ਰਤਾਪ ਸਿੰਘ ਵਡਾਲਾ ਤੇ ਸ. ਨਵਤੇਜ ਸਿੰਘ ਸਮੇਤ ਵੱਖ-ਵੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖਿਆ ਵਿਸ਼ਵ-ਵਿਆਪੀ ਅਤੇ ਸਰਬਕਾਲੀ ਹੈ, ਇਹ ਹਰ ਵਰਗ ਅਤੇ ਹਰ ਖਿੱਤੇ ਲਈ ਹੈ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਉਨ੍ਹਾਂ ’ਤੇ ਅਮਲ ਕਰਨ ਦੀ ਹੋਰ ਵੀ ਵਧੇਰੇ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਰਾ ਸਾਲ ਸਮਾਗਮ ਚਲਾਏ ਜਾਣੇ ਹਨ ਅਤੇ ਇਸੇ ਤਹਿਤ ਹੀ ਇਹ ਸ਼ਬਦ ਗੁਰੂ ਯਾਤਰਾ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੰਗਤ ਨੂੰ ਪ੍ਰੇਰਿਤ ਕਰਨਾ ਹੈ। ਇਸ ਤੋਂ ਪਹਿਲਾਂ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਬਾਬਾ ਸੁਬੇਗ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਚਰਨ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਨਾਗਰ ਸਿੰਘ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਬਾਬਾ ਰਣਯੋਧ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਰਤਨ ਸਿੰਘ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ, ਸ. ਗੁਰਮੀਤ ਸਿੰਘ ਬੂਹ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸਰਵਨ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ, ਸ. ਬਲਦੇਵ ਸਿੰਘ ਕਲਿਆਣ, ਸ. ਸਤਵਿੰਦਰ ਸਿੰਘ ਟੌਹੜਾ, ਸ. ਰਵਿੰਦਰ ਸਿੰਘ ਚੱਕ, ਸ. ਨੈਬ ਸਿੰਘ ਕੁਹਾੜ, ਇੰਜ: ਸਵਰਨ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਨਿਸ਼ਾਨ ਸਿੰਘ, ਮੈਨੇਜਰ ਸ. ਜਰਨੈਲ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਅਤੇ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਸੀ।