2.5 ਏਕੜ ਤੋਂ 5 ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ
ਸੰਗਰੂਰ/ਨਦਾਮਪੁਰ, 28 ਜਨਵਰੀ (ਪਰਮਜੀਤ ਲੱਡਾ)- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ਿਆਂ ਤੋਂ ਰਾਹਤ ਦੇਣ ਲਈ ਚਲਾਈ ਜਾ ਰਹੀ ਕਿਸਾਨ ਕਰਜ਼ਾ ਰਾਹਤ ਯੋਜਨਾ ਦੇ ਤੀਜੇ ਪੜਾਅ ਤਹਿਤ ਅੱਜ ਪੰਜਾਬ ਦੇ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਬ ਡਵੀਜ਼ਨ ਸੰਗਰੂਰ ਅਤੇ ਸਬ ਡਵੀਜ਼ਨ ਭਵਾਨੀਗੜ੍ਹ ਅਧੀਨ ਆਉਂਦੇ ਪਿੰਡਾਂ ਦੇ 2335 ਕਿਸਾਨਾਂ ਨੂੰ 16.84 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਪ੍ਰਦਾਨ ਕਰਨ ਦੀ ਮੁਹਿੰਮ ਦਾ ਆਗਾਜ਼ ਕੀਤਾ। ਕਿਸਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਦੇ 10 ਲਾਭਪਾਤਰੀ ਕਿਸਾਨਾਂ ਨੂੰ ਰਸਮੀ ਤੌਰ ’ਤੇ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਸਮੇਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਅੰਦਰ ਕਿਸਾਨ ਕਰਜ਼ਾ ਰਾਹਤ ਸਰਟੀਫਿਕੇਟ ਵੰਡ ਸਮਾਰੋਹ ਕਰਵਾਏ ਗਏ ਅਤੇ ਤੀਜੇ ਪੜਾਅ ਅਧੀਨ ਜ਼ਿਲ੍ਹੇ ਦੇ ਢਾਈ ਤੋਂ ਪੰਜ ਏਕੜ ਰਕਬੇ ਵਾਲੇ 13571 ਕਿਸਾਨਾਂ ਦੇ 88.09 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਕਿਸਾਨਾਂ ਦੇ ਭਰਵੇਂ ਇਕੱਠ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਵੱਧ ਤੋਂ ਵੱਧ ਸੁਵਿਧਾਵਾਂ ਮੁਹੱਈਆ
ਕਰਵਾਉਣ ਦੇ ਉਲੀਕੇ ਪ੍ਰੋਜੈਕਟਾਂ ਤਹਿਤ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਸੰਗਰੂਰ ਅੰਦਰ ਕੀਤੇ ਜਾ ਰਹੇ ਕਾਰਜਾਂ ਦੀ ਸਾਂਝ ਪਾਉਂਦਿਆਂ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ 14.50 ਕਰੋੜ ਰੁਪਏ ਦੀ ਲਾਗਤ ਨਾਲ ਭਵਾਨੀਗੜ੍ਹ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫਾਈ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ ਸਕੂਲਾਂ ’ਚ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਯੋਜਨਾ ਤਿਆਰ ਕੀਤੀ ਗਈ ਹੈ ਤਾਂ ਜੋ ਬੱਚੇ ਪੜ੍ਹ ਕੇ ਨਾਂ ਰੌਸ਼ਨ ਕਰ ਸਕਣ। ਸ਼੍ਰੀ ਸਿੰਗਲਾ ਨੇ ਹੋਮੀ ਭਾਬਾ ਕੈਂਸਰ ਹਸਪਤਾਲ ’ਚ ਕੈਂਸਰ ਪੀੜਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਬਿਹਤਰੀਨ ਡਾਕਟਰੀ ਸੇਵਾਵਾਂ, ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਲਾਗੂ ਕੀਤੇ ਜਾ ਰਹੇ ਡੇਪੋ, ਤੰਦਰੁਸਤ ਪੰਜਾਬ ਮਿਸ਼ਨ, ਬੱਡੀ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਲੋਕਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰਤਾ ਜਤਿੰਦਰਪਾਲ ਸਿੰਘ ਚਹਿਲ, ਸਹਾਇਕ ਰਜਿਸਟਰਾਰ ਵਿਜੇ ਕੁਮਾਰ, ਜ਼ਿਲ੍ਹਾ ਮੈਨੇਜਰ ਰਮਿਤ ਸਿੰਘਲ, ਵਰਿੰਦਰ ਪੰਨਵਾ, ਬਲਾਕ ਪ੍ਰਧਾਨ ਗੁਰਜੀਤ ਸਿੰਘ ਬੀਬੜੀ, ਸੁਖਵਿੰਦਰ ਸਿੰਘ ਤੂਰ, ਵਿਪਨ ਸ਼ਰਮਾ, ਰਣਜੀਤ ਸਿੰਘ ਤੂਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਹਾਜ਼ਰ ਸਨ।