ਪੀੜਤਾਂ ਨੂੰ ਨਸ਼ਿਆਂ ਤੋਂ ਮੁਕਤੀ ਦਵਾ ਕੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਨ ਲਈ ਠੋਸ ਉਪਰਾਲੇ ਜਾਰੀ : ਘਨਸ਼ਿਆਮ ਥੋਰੀ
ਸੰਗਰੂਰ, 31 ਜਨਵਰੀ (ਪਰਮਜੀਤ ਸਿੰਘ ਲੱਡਾ)- ਜ਼ਿਲ੍ਹਾ ਸੰਗਰੂਰ ’ਚ ਨਸ਼ਾ ਵਿਰੋਧੀ ਮੁਹਿੰਮ ਨੂੰ ਸਾਰਥਕ ਹੁਲਾਰਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਵੱਲੋਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰਕੇ ਨਸ਼ਾ ਪੀੜਤਾਂ ਦਾ ਇਲਾਜ ਕਰਨ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ‘ਤੰਦਰੁਸਤ ਪੰਜਾਬ ਮਿਸ਼ਨ’ ਅਤੇ ‘ਡੇਪੋ ਮਿਸ਼ਨ’ ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਇਨ੍ਹਾਂ ਕੇਂਦਰਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਤੰਦਰੁਸਤ ਹੋਣ ਮਗਰੋਂ ਨਸ਼ਿਆਂ ਦਾ ਰਾਹ ਸਦੀਵੀ ਤੌਰ ’ਤੇ ਛੱਡ ਕੇ ਮਿਸ਼ਨ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਸੰਗਰੂਰ ’ਚ ਬਣੇ 10 ਬਿਸਤਰਿਆਂ ਵਾਲੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਉਥੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਮੌਜੂਦਾ ਪਰਿਵਾਰਕ ਤੇ ਸਮਾਜਿਕ ਸਥਿਤੀਆਂ ਬਾਰੇ ਜਾਣਕਾਰੀ ਲੈਣ ਦੇ ਨਾਲ ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਣ ਦੇ ਪਿਛੋਕੜ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਡਾਕਟਰਾਂ ਨਾਲ ਇਲਾਜ ਵਿਧੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਮਰੀਜ਼ਾਂ ਦੇ ਨਿਯਮਤ ਇਲਾਜ ਅਤੇ ਸੁਚੱਜੀ ਦੇਖ ਰੇਖ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸ਼੍ਰੀ ਥੋਰੀ ਨੇ ਮਰੀਜ਼ਾਂ ਨੂੰ ਦੱਸਿਆ ਕਿ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਆਪਣੇ ਆਲੇ-ਦੁਆਲੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਸਰਗਰਮ ਤੌਰ ’ਤੇ ਹਿੱਸਾ ਪਾਉਣ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਇੱਕ ਨਿਊਰੋ ਸਾਇਕੈਟਰੀ ਹਸਪਤਾਲ ਦਾ ਵੀ ਜਾਇਜ਼ਾ ਲਿਆ ਅਤੇ ਉਥੇ ਜੇਰੇ ਇਲਾਜ ਮਰੀਜ਼ਾਂ ਅਤੇ ਡਾਕਟਰੀ ਸਟਾਫ਼ ਨਾਲ ਗੱਲਬਾਤ ਕੀਤੀ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹੇ ’ਚ ਜਿਥੇ ਸਰਕਾਰੀ ਹਸਪਤਾਲਾਂ, ਨਸ਼ਾ ਮੁਕਤੀ ਕੇਂਦਰਾਂ ਤੇ ਓਟ ਕਲੀਨਿਕਾਂ ਰਾਹੀਂ ਨਸ਼ਾ ਪੀੜਤਾਂ ਦਾ ਯੋਗ ਇਲਾਜ ਕਰਨ ਦੇ ਪ੍ਰਬੰਧ ਹਨ ਉਥੇ ਹੀ ਪੀੜਤਾਂ ਦੀ ਸੁਵਿਧਾ ਲਈ 11 ਓਟ ਕਲੀਨਿਕਾਂ ’ਚ ਓ.ਪੀ.ਡੀ ਸੁਵਿਧਾ ਦਾ ਪ੍ਰਬੰਧ ਹੈ ਜਿਥੇ ਮੈਡੀਕਲ ਅਧਿਕਾਰੀ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸੇਵਾਵਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਨਾਗਰਿਕਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਆਪਣੇ ਗਲੀ ਮੁਹੱਲਿਆਂ, ਵਾਰਡਾਂ ਵਿੱਚ ਜੇ ਕਿਸੇ ਵੀ ਉਮਰ ਵਰਗ ਦਾ ਕੋਈ ਵਿਅਕਤੀ ਨਸ਼ਿਆਂ ਦੀ ਆਦਤ ਵਿੱਚ ਗਲਤਾਨ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਜਾਂ ਓਟ ਕਲੀਨਿਕਾਂ ’ਚ ਲਿਆਂਦਾ ਜਾਵੇ ਤਾਂ ਜੋ ਸਰਕਾਰ ਦੀ ਇਸ ਮੁਹਿੰਮ ਤਹਿਤ ਮੁਫ਼ਤ ਤੇ ਯੋਗ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਪੁਲਿਸ ਦੁਆਰਾ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਮਹੱਤਵਪੂਰਨ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਹੀ ਪ੍ਰਸ਼ਾਸਨਿਕ ਤੌਰ ’ਤੇ ਸਿਹਤ ਕੇਂਦਰਾਂ ਰਾਹੀਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।