ਫ਼ਰੀਦਕੋਟ, 4 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸਾਹਵੇਂ ਪੇਸ਼ ਕੀਤਾ ਗਿਆ। ਇਸ ਸਬੰਧੀ ਕਪੂਰਥਲਾ ਦੇ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦਸਿਆ ਕਿ ਅਦਾਲਤ ਤੋਂ ਹੋਰ 5 ਦਿਨ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਕਿਹਾ ਗਿਆ ਸੀ ਕਿ ਅਜੇ ਚਰਨਜੀਤ ਸ਼ਰਮਾ ਤੋਂ ਹੋਰ ਪੁਛਗਿਛ ਕੀਤੀ ਜਾਣੀ ਬਾਕੀ ਹੈ। ਅਦਾਲਤ ਵਲੋਂ ਚਰਨਜੀਤ ਸ਼ਰਮਾ ਦਾ ਤਿੰਨ ਦਿਨਾਂ ਲਈ ਹੋਰ ਪੁਲਿਸ ਰਿਮਾਂਡ ਦੇ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵਲੋਂ ਚਰਨਜੀਤ ਸ਼ਰਮਾ ਨੂੰ 8 ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2015 ’ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿਖ ਨੌਜਵਾਨਾਂ ਦੀ ਮੌਤ ਹੋ ਗਈ ਸੀ।