May 10, 2026 3:19 pm

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 5 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮਤੰਰੀ ਨੇ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ 5-ਮੈਂਬਰੀ ਕਮੇਟੀ ਦੇ ਗਠਨ ਲਈ ਲੋੜੀਂਦੀਆਂ ਰਸਮਾਂ ਮੁਕੰਮਲ ਕਰਨ ਲਈ ਆਖਿਆ। ਇਹ ਕਮੇਟੀ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਅਤੇ ਗੁਰੂ ਅੰਗਦ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਇਕ ਨੁਮਾਇੰਦੇ ’ਤੇ ਆਧਾਰਤ ਹੋਵੇਗੀ।

Send this to a friend