ਨਿਯਮਤ ਨਾ ਕਰਨ ਯੋਗ ਇਮਾਰਤੀ ਉ¦ਘਣਾਵਾਂ ਲਈ ਯਕਮੁਸ਼ਤ ਨਿਪਟਾਰਾ ਬਿੱਲ ਨੂੰ ਹਰੀ ਝੰਡੀ
ਚੰਡੀਗੜ੍ਹ, 8 ਫ਼ਰਵਰੀ- ਸੁਪਰੀਮ ਕੋਰਟ ਦੇ ਹੁਕਮਾਂ ਦੀ ਲੀਹ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੀ ਪੁਲਿਸ ਫੋਰਸ ਦੇ ਪੁਨਰ ਢਾਂਚੇ ਦਾ ਉਦੇਸ਼ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਬਣਾਉਣਾ ਹੈ ਤਾਂ ਕਿ ਸਮੇਂ ਸਿਰ ਜਾਂਚ ਨਿਪਟਾ ਕੇ ਅਪਰਾਧੀ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ।Êਪੁਨਰ ਢਾਂਚੇ ਤਹਿਤ ਐਸ.ਪੀਜ਼ ਦੀਆਂ 28 ਅਸਾਮੀਆਂ, ਡੀ.ਐਸ.ਪੀਜ਼ ਦੀਆਂ 108 ਅਸਾਮੀਆਂ ਤੋਂ ਇਲਾਵਾ ਇੰਸਪੈਕਟਰਾਂ ਦੀਆਂ 164, ਸਬ-ਇੰਸਪੈਕਟਰਾਂ ਦੀਆਂ 593, ਏ.ਐਸ.ਆਈ. ਦੀਆਂ 1140, ਹੈਡ ਕਾਂਸਟੇਬਲਾਂ ਦੀਆਂ 1158 ਅਤੇ ਕਾਂਸਟੇਬਲਾਂ ਦੀਆਂ 373 ਅਸਾਮੀਆਂ ਸਿਰਜੀਆਂ ਜਾਣਗੀਆਂ। ਇਸੇ ਤਰ੍ਹਾਂ ਮਨਿਸਟਰੀਅਲ ਕਾਡਰ ਦੀਆਂ 159 ਅਸਾਮੀਆਂ ਦੀ ਰਚਨਾ ਕੀਤੀ ਜਾਵੇਗੀ ਜਦਕਿ ਸਹਾਇਕ ਸਿਵੀਲੀਅਨ ਸਟਾਫ ਲਈ 798 ਸਿਰਜੀਆਂ ਜਾਣਗੀਆਂ ਪਰ ਇਸ ਦੇ ਇਵਜ਼ ਵਿੱਚ ਜ਼ਿਲ੍ਹਿਆਂ ਦੇ ਨਾਲ-ਨਾਲ ਹੈਡਕੁਆਰਟਰ ’ਤੇ ਪੁਲਿਸ ਮੁਲਾਜ਼ਮਾਂ ਦੀਆਂ ਬਰਾਬਰ ਗਿਣਤੀ ਵਿੱਚ ਅਸਾਮੀਆਂ ਖਤਮ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜੁਲਾਈ, 2014 ਵਿੱਚ ਪੁਲਿਸ ਦੇ ਜਾਂਚ ਅਤੇ ਅਮਨ-ਕਾਨੂੰਨ ਦੇ ਕੰਮਕਾਜ ਨੂੰ ਅੱਡੋ-ਅੱਡ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂ ਕਿ ਪੁਲਿਸ ਮੁਲਾਜ਼ਮਾਂ ਦਾ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ। ਹਾਲਾਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਵਿੱਚ ਕੋਈ ਵੀ ਕਦਮ ਚੁੱਕਣ ’ਚ ਅਸਫਲ ਰਹੀ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ‘ਦਿ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੈਸ਼ਨ ਆਫ ਦਿ ਬਿਲਡਿੰਗ ਬਿੱਲ-2019’ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਮਿਊਂਸਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਬਣੀਆਂ ਸਾਰੀਆਂ ਇਮਾਰਤਾਂ ਬਾਰੇ 2 ਜਨਵਰੀ, 2019 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਦਾ ਉਦੇਸ਼ ਪਾਰਕਿੰਗ, ਅੱਗ ਅਤੇ ਸੁਰੱਖਿਆ ਮਾਪਦੰਡਾਂ ਨਾਲ ਪਿਛਲੇ ਸਾਲਾਂ ਦੌਰਾਨ ਬਣੀਆਂ ਗੈਰ-ਅਧਿਕਾਰਤ ਇਮਾਰਤਾਂ ਜਿਨ੍ਹਾਂ ਨੂੰ ਇਸ ਵੇਲੇ ਢਾਹੁਣਾ ਸੰਭਵ ਨਹੀਂ ਹੈ, ਨੂੰ ਯਕੀਨੀ ਬਣਾਉਣਾ ਹੈ। ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਵਾਲਡ ਸਿਟੀ (ਰੈਕੋਗਨੀਸ਼ਨ ਆਫ ਯੂਸੇਜ਼) ਐਕਟ-2016 ਦੀ ਧਾਰਾ 3 (1), 3 (2) ਅਤੇ 5 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦਾ ਉਦੇਸ਼ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਗਲਿਆਰੇ ਵਿੱਚ ਅਣਅਧਿਕਾਰਤ ਤੌਰ ’ਤੇ ਬਣੀਆਂ ਵਪਾਰਕ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਯਕਮੁਸ਼ਤ ਮੌਕਾ ਮੁਹੱਈਆ ਕਰਵਾਉਣਾ ਹੈ।
ਵਿਧਾਇਕ ਅਚੱਲ ਜਾਇਦਾਦ ਦਾ ਐਲਾਨ ਕਰਨਗੇ- ਮੰਤਰੀ ਮੰਡਲ ਨੇ ਹਰੇਕ ਸਾਲ ਜਨਵਰੀ ਮਹੀਨੇ ਵਿੱਚ ਵਿਧਾਇਕਾਂ ਵੱਲੋਂ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨ ਨੂੰ ਲਾਜ਼ਮੀ ਬਣਾਉਣ ਲਈ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਉਦੇਸ਼ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਇੱਛਾ ਮੁਤਾਬਕ ਮੰਤਰੀ ਮੰਡਲ ਨੇ ‘ਦਿ ਪੰਜਾਬ ਲੈਜਿਸਟੇਟਿਵ ਐਸੰਬਲੀ (ਸੈਲਰੀਜ਼ ਐਂਡ ਅਲਾਊਂਸ ਆਫ ਮੈਂਬਰਜ਼) ਐਕਟ-1942 ਵਿੱਚ ਧਾਰਾ 3-ਏ.ਏ.ਏ. ’ਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਨੇ 18 ਮਾਰਚ, 2017 ਨੂੰ ਫੈਸਲਾ ਕੀਤਾ ਸੀ ਕਿ ਸਾਰੇ ਵਿਧਾਇਕ ਤੇ ਸੰਸਦ ਮੈਂਬਰ ਹਰੇਕ ਸਾਲ ਜਨਵਰੀ ਮਹੀਨੇ ’ਚ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨਗੇ।
ਰਾਜਪਾਲ ਦੇ ਭਾਸ਼ਣ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾਮੰਤਰੀ ਮੰਡਲ ਨੇ 12 ਫਰਵਰੀ, 2019 ਨੂੰ ਸ਼ੁਰੂ ਹੋ ਰਹੇ 15ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਖਰੜੇ ਨੂੰ ਅੰਤਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।
ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਛੇ ਫੀਸਦੀ ਮਹਿੰਗਾਈ ਭੱਤਾ- ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ’ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।