ਹਮਲੇ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਕੋਈ ਅਸਰ ਨਾ ਪੈਣ ਦੀ ਉਮੀਦ
ਚੰਡੀਗੜ੍ਹ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ’ਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਦੀ ਫੌਜ ਅਤੇ ਆਈ.ਐਸ.ਆਈ. ਨੂੰ ਪੰਜਾਬ ਵਿੱਚ ਅਜਿਹੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਵਿਰੁੱਧ ਚਿਤਾਵਨੀ ਦਿੱਤੀ ਹੈ। ਅੱਜ ਵਿਧਾਨ ਸਭਾ ਵਿੱਚ ਸਦਨ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਹਮਲੇ ਦੀ ਨਿਖੇਧੀ ਕੀਤੀ। ਸਦਨ ਨੂੰ ਉਠਾਉਣ ਦੀ ਮੰਗ ਦਾ ਮਤਾ ਸਦਨ ਵਿੱਚ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਦੀ ਗੱਲ ਕਰਨ ਦਾ ਵੇਲਾ ¦ਘ ਚੁੱਕਾ ਹੈ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਗੁਆਂਢੀ ਮੁਲਕ ਨੂੰ ਜਵਾਬੀ ਕਾਰਵਾਈ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਮੁਲਕ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ ਵਿੱਚ ਅੱਤਵਾਦ ਦੇ ਪੈਰ ਪਸਾਰਨ ਲਈ ਪੂਰਾ ਸਮਰਥਨ ਦੇ ਰਿਹਾ ਹੈ। ਕੈਪਟਨ ਨੇ ਪਾਕਿਸਤਾਨੀ ਫੌਜ ਦੇ ਮੁਖੀ ਬਾਜਵਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਸ਼ਮੀਰ ਅਤੇ ਪੰਜਾਬ ਦੇ ਵੱਖਵਾਦੀਆਂ ਨੂੰ ਜੋੜਣ ਦੀ ਨੀਤੀ ਜਾਰੀ ਰੱਖਣ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ। ਮੁੱਖ ਮੰਤਰੀ ਨੇ ਇਮਰਾਨ ਖਾਨ ’ਤੇ ਦੂਹਰੀ ਨੀਤੀ ਅਪਣਾਉਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਕ ਪਾਸੇ ਉਹ ਭਾਰਤ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਿਹਾ ਹੈ ਜਦੋਂਕਿ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਯੂਨੀਵਰਸਿਟੀ ਸ਼ੁਰੂ ਕਰਨ ਤੋਂ ਇਲਾਵਾ ਗੁਰੂਦੁਆਰਿਆਂ ਦੀ ਸੇਵਾ ਦੀ ਗੱਲ ਕਰ ਰਿਹਾ ਹੈ। ਮਤਾ ਸਦਨ ਨੇ ਸਰਬਸੰਮਤੀ ਨਾਲ ਪਾਸ ਕੀਤਾ ਅਤੇ ਸਦਨ ਨੂੰ ਪੂਰੇ ਦਿਨ ਲਈ ਉਠਾ ਦਿੱਤਾ ਗਿਆ। ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨ੍ਹਾਂ ਨੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਲਾਂਘਾ ਪੂਰੀ ਤਰ੍ਹਾਂ ਮਹਿਫੂਜ਼ ਹੋਵੇਗਾ ਪਰ ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣ ਦੀ ਲੋੜ ਹੈ।