May 13, 2026 9:03 pm

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਫ਼ਰਵਰੀ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕਰਹਾਲੀ ਪਟਿਆਲਾ ਲਈ ਰਵਾਨਾ ਹੋਈ। ਇਸ ਮੌਕੇ ਭਾਈ ਪਰਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਸਬੀਰ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਿਰਮਲ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਿਰਮਲ ਸਿੰਘ, ਸਾਬਕਾ ਵਿਧਾਇਕ ਬੀਬੀ ਨਵਿੰਦਰ ਕੌਰ ਲੂਬਾ, ਸ. ਪ੍ਰਗਟ ਸਿੰਘ ਪ੍ਰਧਾਨ, ਸ. ਕਰਮਜੀਤ ਸਿੰਘ ਮੀਤ ਪ੍ਰਧਾਨ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਪਰਮਦੀਪ ਸਿੰਘ ਮੈਨੇਜਰ ਗੁਰਦੁਆਰਾ ਧਮਧਾਨ ਸਾਹਿਬ, ਸ. ਬੇਅੰਤ ਸਿੰਘ, ਸ. ਬਲਵਿੰਦਰ ਸਿੰਘ, ਸ. ਦਲਜੀਤ ਸਿੰਘ, ਸੁਪਰਵਾਈਜ਼ਰ ਸ. ਸਤਵਿੰਦਰ ਸਿੰਘ, ਸ. ਲਖਬੀਰ ਸਿੰਘ, ਸ. ਗੁਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Send this to a friend