ਚੰਡੀਗੜ੍ਹ, 18 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹੈ ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਣਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੁੱਝ ਤਾਕਤਾਂ ਸਮਾਜ ਵਿੱਚ ਜਾਤ ਅਤੇ ਭਾਈਚਾਰਕ ਤੌਰ ’ਤੇ ਫੁੱਟ ਪਾ ਕੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਅਜਿਹੇ ਸਮੇਂ ਮਹਾਨ ਸੰਤ ਕਵੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ।