ਪੰਜਾਬ ਵਿਧਾਨ ਸਭਾ ਨੇ ਬਜਟ ਸੈਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਉਣ ਲਈ ਮਤਾ ਪਾਸ ਕੀਤਾ ਹੈ। ਹਾਊਸ ਵੱਲੋਂ ਇਸ ਮਾਮਲੇ ਵਿੱਚ ਕੇਂਦਰ ਨਾਲ ਗੱਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਗਿਆ ਹੈ। ਇਸ ਨਾਲ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਦਾ ਮੁੱਦਾ ਕਾਫੀ ਭੱਖ ਗਿਆ ਹੈ। ਇਸ ਸਮੇਂ ਸ਼੍ਰੋਮਣੀ ਕਮੇਟੀ ਉਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕਬਜ਼ਾ ਹੈ। ਕਾਂਗਰਸ ਅਤੇ ਦੂਸਰੀਆਂ ਸਿਆਸੀ ਧਿਰਾਂ ਬਾਦਲ ਦਲ ਨੂੰ ਸ਼੍ਰੋਮਣੀ ਕਮੇਟੀ ’ਚੋਂ ਬੇਦਖਲ ਕਰਨ ਦੀ ਕੋਸ਼ਿਸ਼ ਵਿੱਚ ਹਨ। ਅਸਲ ਵਿੱਚ ਸ਼੍ਰੋਮਣੀ ਕਮੇਟੀ ਬਾਦਲ ਦਲ ਦੀ ਇਕ ਵੱਡੀ ਤਾਕਤ ਹੈ। ਬਾਦਲ ਦਲ ਆਪਣੀਆਂ ਸਿਆਸੀ ਯੋਜਨਾਵਾਂ ਲਾਗੂ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਭਾਵ ਅਤੇ ਵਸੀਲਿਆਂ ਦੀ ਵਰਤੋਂ ਕਰਦਾ ਹੈ। ਇਸ ਕਾਰਨ ਹੀ ਕਾਂਗਰਸ ਅਤੇ ਦੂਸਰੀਆਂ ਸਿਆਸੀ ਧਿਰਾਂ ਸ਼੍ਰੋਮਣੀ ਕਮੇਟੀ ਨੂੰ ਬਾਦਲ ਦਲ ਤੋਂ ਆਜ਼ਾਦ ਕਰਵਾਉਣ ਲਈ ਯਤਨਸ਼ੀਲ ਹਨ। ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕਈ ਪੜਾਅ ਪਾਰ ਕਰਨੇ ਹੋਣਗੇ। ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਅੰਤਿਮ ਫੈਸਲਾ ਕੈਂਦਰ ਸਰਕਾਰ ਨੇ ਲੈਣਾ ਹੈ। ਕੇਂਦਰ ਵਿੱਚ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੋਣ ਕਰਕੇ ਇਸ ਸਬੰਧੀ ਤੁਰੰਤ ਫੈਸਲਾ ਹੋਣਾ ਸੰਭਵ ਨਹੀਂ ਲੱਗ ਰਿਹਾ। ਭਾਜਪਾ ਘੱਟੋ-ਘੱਟ ਲੋਕ ਸਭਾ ਚੋਣਾਂ ਤੱਕ ਸਥਿਤੀ ਨੂੰ ਜਿਉਂ ਦਾ ਤਿਉਂ ਰੱਖਣ ਦੀ ਕੋਸ਼ਿਸ਼ ਕਰੇਗੀ। ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਨਵੀਆਂ ਵੋਟਰ ਲਿਸਟਾਂ ਬਣਨ ਲਈ ਵੀ ਸਮਾਂ ਲੱਗੇਗਾ। ਇਸ ਕਾਰਨ ਸ਼੍ਰੋਮਣੀ ਕਮੇਟੀ ਚੋਣਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਹੀਂ ਹੋ ਸਕਦੀਆਂ। ਕਾਨੂੰਨੀ ਤੌਰ ’ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਹੋਣੀਆਂ ਚਾਹੀਦੀਆਂ ਹਨ। ਪ੍ਰੰਤੂ ਕੇਂਦਰ ਜਾਂ ਰਾਜ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਵੱਲ ਕਦੇ ਵੀ ਧਿਆਨ ਨਹੀਂ ਦਿੰਦੀਆਂ। ਸ਼੍ਰੋਮਣੀ ਕਮੇਟੀ ਨਾਲ ਸਬੰਧਤ ਕਈ ਅਹਿਮ ਪਟੀਸ਼ਨਾਂ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹਨ। ਇਨ੍ਹਾਂ ਪਟੀਸ਼ਨਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ ਹੈ ਤਾਂ ਜੋ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਚੁਣੇ ਹੋਏ ਹਾਊਸ ਨੂੰ ਅਦਾਲਤੀ ਸਟੇਅ ਕਾਰਨ ਪੂਰਾ ਸਮਾਂ ਕੰਮ ਕਰਨ ਦਾ ਸਮਾਂ ਨਹੀਂ ਮਿਲਿਆ। ਇਸ ਮੁੱਦੇ ਉਪਰ ਵੀ ਸੁਪਰੀਮ ਕੋਰਟ ਨੂੰ ਸਥਿਤੀ ਸਪੱਸ਼ਟ ਕਰਨੀ ਹੋਵੇਗੀ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਸਮੁੱਚੇ ਸਿੱਖ ਪੰਥ ਨੂੰ ਇਕ ਮੰਚ ’ਤੇ ਇਕੱਠਾ ਹੋਣਾ ਚਾਹੀਦਾ ਹੈ ਤਾਂ ਜੋ ਇਸ ਧਾਰਮਿਕ ਸੰਸਥਾ ਦੇ ਕੰਮਕਾਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਹਰ ਤਰ੍ਹਾਂ ਦੀ ਸਿਆਸੀ ਦਖਲ ਅੰਦਾਜੀ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ। ਇਸ ਧਾਰਮਿਕ ਸੰਸਥਾ ਦੇ ਕੰਮਕਾਜ ਨੂੰ ਦਰੁਸਤ ਲੀਹਾਂ ’ਤੇ ਤੌਰ ਕੇ ਹੀ ਬੇਹਤਰ ਨਤੀਜੇ ਕੱਢੇ ਜਾ ਸਕਦੇ ਹਨ।
– ਬਲਜੀਤ ਸਿੰਘ ਬਰਾੜ