May 14, 2026 11:12 am

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਲਈ ਰਵਾਨਾ

ਮੋਹਾਲੀ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵਖ-ਵਖ ਸਕੂਲਾਂ ਦੇ ਬਚਿਆਂ ਵਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵਖ-ਵਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵਖ-ਵਖ ਪ੍ਰਮੁਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਸ. ਅਜਮੇਰ ਸਿੰਘ ਖੇੜਾ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਣਜੀਤ ਸਿੰਘ ਗਿਲ ਹਲਕਾ ਇੰਚਾਰਜ, ਸ. ਪਾਲਇੰਦਰ ਸਿੰਘ ਬਾਠ, ਸ. ਕੁਲਵਿੰਦਰ ਸਿੰਘ, ਸ. ਅਮਨਦੀਪ ਸਿੰਘ ਗੋਲਡੀ ਸਰਪੰਚ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ, ਸ. ਅਮਰ ਸਿੰਘ ਖ਼ਚਾਨਚੀ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰਸਟ ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁ: ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਜਰਨੈਲ ਸਿੰਘ, ਸਮੇਤ ਵਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Send this to a friend