ਬੰਗਾ, 12 ਅਪ੍ਰੈਲ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਕਿਸ਼ਨ ਸਿੰਘ ਦੇ ਸਮਾਰਕਾਂ ਉਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ ਹੋਏ ਹਨ। ਉਨ੍ਹਾਂ ਨੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ ਅਤੇ ਅੰਮ੍ਰਿਤਸਰ ਵਿਚ ਰੋਡ ਸ਼ੋਅ ਵਿਚ ਹਿੱਸਾ ਲਿਆ ਸੀ, ਜਿਥੇ‘ਆਪ’ ਦੇ ਕਾਰਕੁਨਾਂ ਤੇ ਆਮ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਖੜਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਉਨ੍ਹਾਂ ਨੇ ਲੋਕਾਂ ਦੀਆਂ ਸ਼ੁਭ ਇਛਾਵਾਂ ਕਬੂਲੀਆਂ। ਸ੍ਰੀ ਕੇਜਰੀਵਾਲ ਨੇ ਆਖਿਆ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਮੇਰੀ ਇਹ ਦਿਲੀ ਖਾਹਿਸ਼ ਸੀ ਕਿ ਆਜ਼ਾਦੀ ਪ੍ਰਵਾਨਿਆਂ ਨੂੰ ਨਤਮਸਤਕ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਯੁੱਗ ਲਈ ਸ਼ਹੀਦ ਭਗਤ ਸਿੰਘ ਪ੍ਰੇਰਣਾ ਸ੍ਰੋਤ ਹਨ। ਇਹ ਵੀ ਦੱਸਣਯੋਗ ਹੈ ਇਸ ਮੌਕੇ ਪਾਰਟੀ ਵਰਕਰਾਂ ਦਾ ਕਾਫੀ ਇਕੱਠ ਸੀ ਅਤੇ ਲੋਕ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ।
ਖਟਕੜ ਕਲਾਂ ਵਿਖੇ ਕੇਜਰੀਵਾਲ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ



