May 14, 2026 10:48 am

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਵਿਖੇ ਫੌਜੀ, ਸਿਵਲ ਤੇ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ

ਜਲੰਧਰ/ਚੰਡੀਗੜ੍ਹ, 27 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਸਥਿਤੀ ਦੇ ਮੱਦੇਨਜ਼ਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਅੱਜ ਸ਼ਾਮ ਫੌਜ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਅਤੇ ਆਈ.ਟੀ.ਬੀ.ਪੀ ਅਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਇਜ਼ਾ ਲਿਆ। ਮੁੱਖ ਮੰਤਰੀ ਨੂੰ ਹਵਾਈ ਰੋਕਾਂ ਤੋਂ ਬਾਅਦ ਨਾਸਾਜ਼ਗਾਰ ਮੌਸਮ ਦੇ ਕਾਰਨ ਚੰਡੀਗੜ੍ਹ ਤੋਂ ਰਵਾਨਾ ਹੋਣ ਵਿੱਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹੈ ਅਤੇ ਫੌਜ ਅਤੇ ਨੀਮ ਫੌਜੀ ਬਲਾਂ ਦੇ ਨਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਫਵਾਹਾਂ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਸਰਗਰਮੀ ਵਿੱਚ ਲੱਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਅਗਲੇ ਦੋ ਦਿਨਾਂ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿੱਚ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਲਈ ਜਾਣਗੇ। ਉਨ੍ਹਾਂ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ ’ਤੇ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਵੱਲੋਂ ਸਰਹੱਦ ਪਾਰ ਕਰਕੇ ਅੱਤਵਾਦੀਆਂ ਦੀਆਂ ਛੁਪਣਗਾਹਾਂ ’ਤੇ ਕੀਤੇ ਹਮਲੇ ਦੇ ਸੰਦਰਭ ਵਿੱਚ ਪੈਦਾ ਹੋਈ ਸਥਿਤੀ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੁਲਿਸ ਅਤੇ ਸੁਰੱਖਿਆ ਫੋਰਸਾਂ ਨੂੰ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਦੇ ਨਾਲ ਨਿਪਟਣ ਲਈ ਫੌਜ ਨੂੰ ਸੂਬੇ ਵੱਲੋਂ ਹਰ ਮਦਦ ਦੇਣ ਦੀ ਪੇਸ਼ਕਸ਼ ਕੀਤੀ ਤਾਂ ਜੋ ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਪੈਦਾ ਹੋਏ ਤਣਾਅ ਦੇ ਪਿਛੋਕੜ ਵਿੱਚ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਦੇ ਲਈ ਚੁੱਕੇ ਗਏ ਕਦਮਾਂ ਬਾਰੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਖਿੱਤੇ ਵਿੱਚ ਆਰਮੀ ਬੇਸ ਅਤੇ ਹਵਾਈ ਅੱਡਿਆ ਸਣੇ ਸਾਰੀਆਂ ਨਾਜ਼ੁਕ ਸਥਾਪਤੀਆਂ ਬਾਰੇ ਦੱਸਿਆ। ਮੌਜੂਦਾ ਸਥਿਤੀਆਂ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸਿਵਲ ਹਸਪਤਾਲਾਂ ਨੂੰ ਤਿਆਰ ਕਰਨ ਵਾਸਤੇ ਢੁੱਕਵੇਂ ਕਦਮ ਚੁੱਕੇ ਗਏ ਹਨ।

Send this to a friend