May 15, 2026 12:13 pm

ਕੈਪਟਨ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਨਿਖੇਧੀ

ਚੰਡੀਗੜ੍ਹ, 7 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ ’ਤੇ ਕੀਤੇ ਬੁਝਦਿਲਾਨਾ ਗ੍ਰਨੇਡ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ। ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 06 ਕਿਉ 9565 ’ਤੇ ਕੀਤਾ ਗਿਆ। ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾਣ ਵਾਲੀ ਸੀ। ਇਸ ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 33 ਹੋਰ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕ ਵਿਅਕਤੀ ਪੰਜਾਬ ਨਾਲ ਸਬੰਧਤ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਰਾਏ ਚੱਕ, ਡੇਰਾ ਬਾਬਾ ਨਾਨਕ, ਪੁਲਿਸ ਜ਼ਿਲ੍ਹਾ ਬਟਾਲਾ ਨਾਲ ਸਬੰਧਤ ਹੈ।

Send this to a friend