ਚੋਣ ਤਿਆਰੀਆਂ ਸਬੰਧੀ ਜਲੰਧਰ ਡਵੀਜ਼ਨ ਅਧੀਨ ਪੈਂਦੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਜਲੰਧਰ, 26 ਮਾਰਚ (ਹਰਪਾਲ ਸਿੰਘ ਬਜਵਾ)- ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਬੀ.ਪੁਰੂਸ਼ਾਰਥਾ ਨੇ ਜਲੰਧਰ ਡਵੀਜ਼ਨ ਅਧੀਨ ਪੈਂਦੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਉਣ। ਅੱਜ ਇਥੇ ਸਥਾਨਕ ਸਰਕਟ ਹਾਊਸ ਵਿਖੇ ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਧਿਕਾਰੀ ਆਪੋ ਆਪਣੇ ਜਿਲ੍ਹਿਆਂ ਵਿੱਚ ਆਦਰਸ਼ ਚੋਣ ਜਾਬਤਾ ਸਖਤੀ ਨਾਲ ਲਾਗੂ ਕਰਨ ਦੇ ਪਾਬੰਦ ਹਨ ਤਾਂ ਜੋ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਵਿੱਚ ਤਾਇਨਾਤ ਅਮਲੇ ਨੂੰ ਜਿਥੇ ਡਿਊਟੀ ਸਬੰਧੀ ਬਰੀਕੀਆਂ ਬਾਰੇ ਜਾਣੂ ਕਰਵਾਇਆ ਜਾਵੇ ਉਥੇ ਹੀ ਉਨਾਂ ਦੀ ਲਗਾਤਾਰ ਨਿਗਰਾਨੀ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਸ਼ਿਵ ਦੁਲਾਰ ਸਿੰਘ ਢਿਲੋਂ, ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਰਾਮਬੀਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ, ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ.ਖਰਬੰਦਾ, ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਹਾਜ਼ਰ ਸਨ।