ਡੀ.ਸੀ. ਮਾਨਸਾ ਨੇ ਮੰਡੀਆਂ ’ਚ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਬਰੇਟਾ, 25 ਅਪ੍ਰੈਲ (ਰੀਤਵਾਲ)- ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਕੁਲਰੀਆਂ, ਗੋਬਿੰਦਪੁਰਾ ਅਤੇ ਧਰਮਪੁਰਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਆਏ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਸਰਕਾਰੀ ਨਿਯਮਾਂ ਅਨੁਸਾਰ ਖਰੀਦਣ ਯੋਗ ਹੈ, ਉਨ੍ਹਾਂ ਦੀ ਬੋਲੀ ਵਿੱਚ ਬਿਲਕੁੱਲ ਵੀ ਦੇਰੀ ਨਾ ਕੀਤੀ ਜਾਵੇ ਅਤੇ ਖਰੀਦ ਕੀਤੀ ਫਸਲ ਦੀ ਮਿੱਥੇ ਸਮੇਂ ਅਧੀਨ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਤਾਇਨਾਤ ਅਮਲੇ ਨਾਲ ਸਹਿਯੋਗ ਕਰਨ ਅਤੇ ਸੁੱਕੀ ਤੇ ਸਾਫ਼-ਸੁਥਰੀ ਕਣਕ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਬਿਨ੍ਹਾਂ ਸਮਾਂ ਗੁਆਇਆ ਢੇਰੀ ਦੀ ਬੋਲੀ ਕਰਵਾਈ ਜਾ ਸਕੇ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਨਵੀਂ ਫਸਲ ਆਉਣ ’ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਮੰਡੀਆਂ ਵਿੱਚ ਆਮਦ ਹੋਈ ਕਣਕ ਅਤੇ ਉਸ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ 24 ਅਪ੍ਰੈਲ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 219370 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 191572 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਨੇ 67695, ਮਾਰਕਫੈਡ ਨੇ 52447, ਪਨਸਪ ਨੇ 21850, ਵੇਅਰ ਹਾਊਸ ਨੇ 15590, ਪੰਜਾਬ ਐਗਰੋ ਨੇ 24250, ਐਫ.ਸੀ.ਆਈ. ਨੇ 9085 ਅਤੇ ਪ੍ਰਾਈਵੇਟ ਵਪਾਰੀਆਂ ਨੇ 655 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ।

Send this to a friend