ਐਸ.ਟੀ.ਐਫ ਮੁਖੀ ਅਤੇ ਉੱਚ ਅਧਿਕਾਰੀਆਂ ਨੂੰ ਅਜਿਹੇ ਅਨਸਰਾਂ ਦੀ ਸ਼ਨਾਖ਼ਤ ਲਈ ਹੁਕਮ
ਚੰਡੀਗੜ੍ਹ, 7 ਜੂਨ- ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐਸ.ਟੀ.ਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ ‘ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਪੰਜਾਬ ਪੁਲਿਸ ਦੇ ਮੁਖੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਏ.ਡੀ.ਜੀ.ਪੀ ਨੂੰ ਸਾਰੇ ਸਰਹੱਦੀ ਜ਼ਿਲ੍ਹਿਆਂ ਵਿਚ ਐਸ.ਟੀ.ਐਫ ਦੀਆਂ ਦੋ ਟੀਮਾਂ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਸਬੰਧਤ ਪੁਲਿਸ ਮੁਲਾਜ਼ਮਾਂ ਨਾਲ ਨੇੜਲਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਘਿਣਾਉਣੀਆਂ ਸਰਗਰਮੀਆਂ ਕਰਨ ਵਾਲਿਆਂ ਵਿਰੁੱਧ ਅਤਿ ਚੌਕਸੀ ਵਰਤਣ। ਇਸ ਸਬੰਧ ਵਿਚ ਹੇਠਲੇ ਪੱਧਰ ਤੱਕ ਸਖ਼ਤ ਸੰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਜਗਦੀਸ਼ ਭੋਲਾ ਦੇ ਮਾਮਲੇ ਵਿਚ ਸ਼ਾਮਲ ਉਸ ਦੇ ਜੋਟੀਦਾਰਾਂ ਦੀ ਹਵਾਲਗੀ ਵਿਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਉਨ੍ਹਾਂ ਦੋਸ਼ੀਆਂ ਨੂੰ ਜਲਦੀ ਵਾਪਸ ਲਿਆਉਣ ਲਈ ਇਹ ਮਾਮਲਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਆਉਣ ਲਈ ਮੁੱਖ ਸਕੱਤਰ ਨੂੰ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤਾਂ ਵਿਚ ਕੇਸਾਂ ਨੂੰ ਪ੍ਰਭਾਵੀ ਢੰਗ ਨਾਲ ਪੇਸ਼ ਕਰਨ ਦੇ ਵਾਸਤੇ ਪੁਲਿਸ ਮੁਲਾਜ਼ਮਾਂ ਨੂੰ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਵਿਵਹਾਰਕ ਸਿਖਲਾਈ ਦੇਣ ਵਾਸਤੇ ਸਾਬਕਾ ਜੱਜਾਂ, ਵਕੀਲਾਂ, ਕਾਨੂੰਨ ਮਾਹਰਾਂ ਅਤੇ ਕਾਨੂੰਨਦਾਨਾਂ ਦਾ ਇੱਕ ਪੈਨਲ ਬਣਾਉਣ ਲਈ ਸੂਬੇ ਦੇ ਐਡਵੋਕੇਟ ਜਨਰਲ ਨੂੰ ਆਖਿਆ ਹੈ। ਮੀਟਿੰਗ ਵਿਚ ਹਾਜ਼ਰ ਹੋਰਨਾਂ ‘ਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਕਾਰਜਕਾਰੀ ਡੀ.ਜੀ.ਪੀ ਵੀ.ਕੇ. ਭਾਵੜਾ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗਰਪ੍ਰੀਤ ਸਿੰਘ ਸਿੱਧੂ, ਐਸ.ਟੀ.ਐਫ ਦੇ ਏ.ਡੀ.ਜੀ.ਪੀ ਗੁਰਪ੍ਰੀਤ ਦਿਓ ਅਤੇ ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ ਸ਼ਾਮਲ ਸਨ।