May 28, 2026 4:15 am

ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਨੂੰ ਜਾ ਸਕਦਾ ਹੈ ਹਰਾਇਆ : ਡਿਪਟੀ ਕਮਿਸ਼ਨਰ

ਬਠਿੰਡਾ, 21 ਜੂਨ (ਗੁਰਮੀਤ ਸੇਮਾ)- ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ 26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਅਗਾਂਊਂ ਪ੍ਰਬੰਧਾਂ ਤੇ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਜ਼ਿਲ੍ਹੇ ਵਿਚ ਇਸ ਦਿਨ ਵੱਡੇ ਪੱਧਰ ‘ਤੇ ਗਤੀਵਿਧੀਆਂ ਉਲੀਕਣ ਦੀਆਂ ਹਦਾਇਤਾਂ ਵੀ ਕੀਤੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ੇ ਖਿਲਾਫ਼ ਕੋਈ ਨਾ ਕੋਈ ਗਤੀਵਿਧੀ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਇਕ ਸਮਾਜਿਕ ਬੁਰਾਈ ਹਨ। ਨਸ਼ਿਆਂ ਤੋਂ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਜਿੱਥੇ ਸਰਕਾਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਉਥੇ ਇਸ ਲਈ ਸਮਾਜਿਕ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਨਸ਼ਿਆਂ ਨੂੰ ਹਰਾ ਸਕਾਂਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਿਵੇਕਲੀ ਮੁਹਿੰਮ ਤਹਿਤ ਸਰਕਾਰ ਵੱਲੋਂ ਡੈਪੋ ਅਤੇ ਬੱਡੀ ਪ੍ਰੋਗਰਾਮ ਉਲੀਕੇ ਗਏ ਹਨ। ਇਸ ਤੋਂ ਬਿਨ੍ਹਾਂ ਪੁਲਿਸ ਇਕ ਪਾਸੇ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਕੰਮ ਕਰ ਰਹੀ ਹੈ ਉਥੇ ਹੀ ਪੁਲਿਸ ਵੱਲੋਂ ਆਮ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਖਿਲਾਫ਼ ਵੱਧ ਤੋਂ ਵੱਧ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਸੂਚਨਾ ਵੱਧ ਤੋਂ ਵੱਧ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਜ਼ਿਲ੍ਹੇ ਨੂੰ ਮੁੜ ਤੰਦਰੁਸਤੀ ਦੀਆਂ ਲੀਹਾਂ ‘ਤੇ ਲਿਆਂਦਾ ਜਾ ਸਕੇ। ਬੈਠਕ ਵਿਚ ਏ.ਡੀ.ਸੀ. (ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀ. (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਵਰਿੰਦਰ ਸਿੰਘ ਅਤੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Send this to a friend