ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 8 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕੈਪਟਨ ਅਵਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਕੈਪਟਨ ਅਵਤਾਰ ਸਿੰਘ ਇਕ ਪੰਥਕ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਟਾਫ਼ ਵੱਲੋਂ ਕੈਪਟਨ ਅਵਤਾਰ ਸਿੰਘ ਨਮਿਤ ਅਰਦਾਸ ਕੀਤੀ ਗਈ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਬਾਅਦ ਦੁਪਹਿਰ ਬੰਦ ਰਹੇ।

Send this to a friend