ਕਿਹਾ, ਸਿੱਧੂ ਨਾਲ ਮੇਰਾ ਕੋਈ ਰੌਲਾ ਨਹੀਂ
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ‘ਤੇ ਮੋਦੀ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ‘ਤੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮੁੱਦਾ ਵੀ ਵਿਚਾਰਿਆ ਅਤੇ ਨਾਲ ਹੀ ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੁੱਖ ਸਮਾਗਮ ਦਾ ਹਿੱਸਾ ਵੀ ਬਣਨਗੇ ਅਤੇ ਸਮਾਗਮਾਂ ਦੇ ਪ੍ਰਬੰਧ ਲਈ ਜੋ ਵੀ ਮਦਦ ਦੀ ਲੋੜ ਹੋਵੇਗੀ, ਉਨ੍ਹਾਂ ਵਲੋਂ ਕੀਤੀ ਜਾਵੇਗੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਅਸਤੀਫ਼ੇ ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਹਿਕਮਾ ਦਿੱਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਪ੍ਰਵਾਨ ਕਰ ਕੇ ਆਪਣਾ ਕੰਮ ਕਰਨਾ ਚਾਹੀਦਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਜੇਕਰ ਸਿੱਧੂ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੀ ਕਰ ਸਕਦੇ ਹਨ।” ਉਨ੍ਹਾਂ ਸਵਾਲ ਕੀਤਾ ਕਿ ਜਰਨੈਲ ਵੱਲੋਂ ਸੌਂਪਿਆਂ ਗਿਆ ਕੰਮ ਕਰਨ ਤੋਂ ਇੱਕ ਸਿਪਾਹੀ ਕਿਵੇਂ ਇਨਕਾਰ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਦੀ ਕਾਰਵਾਈ ਕਾਰਗਰ ਢੰਗ ਨਾਲ ਚਲਾਉਣੀ ਹੈ ਤਾਂ ਇਸ ਵਿੱਚ ਕੁਝ ਅਨੁਸ਼ਾਸਨ ਵੀ ਹੋਣਾ ਚਾਹੀਦਾ ਹੈ। ਇਹ ਪੁੱਛੇ ਜਾਣ ‘ਤੇ ਕੀ ਸਿੱਧੂ ਨੇ ਮੁੜ ਸੁਲਾਹ ਸਫ਼ਾਈ ਦੀ ਕੋਸ਼ਿਸ਼ ਕੀਤੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਇਸ ਦੀ ਕੋਈ ਲੋੜ ਨਹੀਂ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ,”ਮੇਰਾ ਉਸ ਨਾਲ ਕੋਈ ਰੌਲਾ ਨਹੀਂ ਹੈ। ਜੇਕਰ ਸਿੱਧੂ ਨੂੰ ਮੇਰੇ ਨਾਲ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਬਾਰੇ ਉਸ ਨੂੰ ਹੀ ਪੁੱਛੋ।” ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜਣ ਵਿੱਚ ਉਨ੍ਹਾਂ ਨੂੰ ਕੁਝ ਗਲਤ ਨਹੀਂ ਲੱਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਫੈਸਲਾ ਕਾਂਗਰਸ ਹਾਈ ਕਮਾਂਡ ਦੀ ਸਲਾਹ ਨਾਲ ਕੀਤਾ ਜਾਂਦਾ ਹੈ ਜਿਸ ਕਰਕੇ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜਣਾ ਠੀਕ ਹੈ। ਮੁੱਖ ਮੰਤਰੀ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮਿਲਣੀ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ।