May 27, 2026 11:17 am

ਮੁੱਖ ਮੰਤਰੀ ਵੱਲੋਂ ਹੋਣਹਾਰ ਵਿਦਿਆਰਥੀਆਂ ਲਈ ਛੇ ਰਿਹਾਇਸ਼ੀ ਸਕੂਲਾਂ ਵਿੱਚ ਅਕਾਦਮਿਕ ਸੈਸ਼ਨ ਚਾਲੂ ਕਰਨ ’ਤੇ ਜ਼ੋਰ

ਅਧਿਕਾਰੀਆਂ ਨੂੰ ਸਕੂਲਾਂ ਵਿੱਚ ਹਰੇਕ ਹੁਸ਼ਿਆਰ ਤੇ ਯੋਗ ਵਿਦਿਆਰਥੀ ਦਾ ਦਾਖਲਾ ਯਕੀਨੀ ਬਣਾਉਣ ਲਈ ਆਖਿਆ

imageਚੰਡੀਗੜ੍ਹ, 7 ਮਈ (ਪੀ.ਟੀ. ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਲਈ ਸਥਾਪਤ ਕੀਤੇ ਜਾ ਰਹੇ ਛੇ ਰਿਹਾਇਸ਼ੀ ਸਕੂਲਾਂ ਦੇ ਨਿਰਮਾਣ ਕਾਰਜ ਅਤੇ ਭਰਤੀ ਪ੍ਰਕ੍ਰਿਆ ਛੇਤੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਇਨ੍ਹਾਂ ਸਕੂਲਾਂ ਦਾ ਅਗਲਾ ਅਕਾਦਮਿਕ ਸੈਸ਼ਨ ਮਿੱਥੇ ਸਮੇਂ ਵਿੱਚ ਸ਼ੁਰੂ ਕੀਤਾ ਜਾ ਸਕੇ। ਪੰਜਾਬ ਦੇ ਗਰੀਬ ਤੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਲਈ ਬਣਾਈ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ. ਬਾਦਲ ਨੇ ਕਿਹਾ ਕਿ ਇਹ ਸਕੂਲ ਹਰ ਹਾਲ ਵਿੱਚ ਅਗਾਮੀ ਵਿਦਿਅਕ ਸੈਸ਼ਨ ਤੋਂ ਚਾਲੂ ਹੋਣ ਜਾਣੇ ਚਾਹੀਦੇ ਹਨ ਜਿੱਥੇ ਸੂਬਾ ਭਰ ਦੇ ਸਰਕਾਰੀ ਸਕੂਲਾਂ ਦੇ

ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਹੋਸਟਲ ਦੀ ਸਹੂਲਤ ਮੁਫ਼ਤ ਮਿਲੇਗੀ। ਇਹ ਜ਼ਿਕਰਯੋਗ ਹੈ ਕਿ ਇਹ ਸਕੂਲ ਐਸ.ਏ.ਐਸ. ਨਗਰ (ਮੁਹਾਲੀ), ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਵਿੱਚੋਂ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਤੇ ਰਹਿਣ-ਸਹਿਣ ਦੀ ਸਹੂਲਤ ਮੁਫ਼ਤ ਹੋਵੇਗੀ।
ਮੀਟਿੰਗ ਦੌਰਾਨ ਸ. ਬਾਦਲ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਇਨ੍ਹਾਂ ਸਕੂਲਾਂ ਦੀਆਂ ਥਾਵਾਂ ਦਾ ਦੌਰਾ ਕਰਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਨ੍ਹਾਂ ਸਕੂਲਾਂ ਲਈ ਫਰਨੀਚਰ ਤੇ ਹੋਰ ਲੋੜੀਂਦੇ ਸਾਜ਼ੋ-ਸਾਮਾਨ ਦੀ ਖਰੀਦ ਮੌਕੇ ਵੀ ਮਿਆਰਤਾ ਦਾ ਪੂਰਾ ਧਿਆਨ ਰੱਖਿਆ ਜਾਵੇ।
ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਖਿਆ ਕਿ ਉਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਪਾਸ ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਹੋਣ ਬਾਰੇ ਲੋੜੀਂਦੀ ਪ੍ਰਕ੍ਰਿਆ ਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਸੂਚਿਤ ਕਰਨ ਤਾਂ ਕਿ ਯੋਗ ਵਿਦਿਆਰਥੀ ਬਿਨਾਂ ਕਿਸੇ ਸਮੱਸਿਆ ਤੋਂ ਦਾਖਲਾ ਲੈ ਸਕਣ।
ਪ੍ਰਮੁੱਖ ਸਕੱਤਰ ਸਿੱਖਿਆ ਸ੍ਰੀਮਤੀ ਅੰਜਲੀ ਭਾਵੜਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਲਈ ਸਕਰੀਨਿੰਗ ਟੈਸਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਮੈਡੀਕਲ, ਨਾਨ-ਮੈਡੀਕਲ ਤੇ ਕਾਮਰਸ ਦੇ ਮਜ਼ਮੂਨ ਪੜ੍ਹਾਏ ਜਾਣਗੇ ਅਤੇ ਇਸ ਤੋਂ ਇਲਾਵਾ ਅੰਗਰੇਜ਼ੀ ਬੋਲਣ ਦੀ ਮੁਹਾਰਤ ਅਤੇ ਸ਼ਖਸੀਅਤ ਵਿਕਾਸ ਦੇ ਕੋਰਸ ਵੱਖਰੇ ਤੌਰ ’ਤੇ ਕਰਵਾਏ ਜਾਣਗੇ ਤਾਂ ਕਿ ਵਿਦਿਆਰਥੀ ਅਗਲੇ ਇਮਤਿਹਾਨਾਂ ਵਿੱਚ ਵੀ ਸੌਖਿਆ ਹੀ ਮੁਕਾਬਲਾ ਕਰ ਸਕਣ।
ਇਸ ਮੌਕੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਪ੍ਰਮੁੱਖ ਸਕੱਤਰ ਸਿੱਖਿਆ ਸ੍ਰੀਮਤੀ ਅੰਜਲੀ ਭਾਵੜਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਤੇ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਪੀ.ਆਈ.ਡੀ.ਬੀ. ਦੇ ਐਮ.ਡੀ. ਸ੍ਰੀ ਅਨੁਰਾਗ ਅਗਰਵਾਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Send this to a friend