ਭਗਤਾ ਭਾਈ ਕਾ, 22 ਜੁਲਾਈ (ਸਵਰਨ ਸਿੰਘ ਭਗਤਾ)- ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਦਿਆਲਪੁਰਾ ਭਾਈਕਾ ਵਿਖੇ ਸੰਗਤ ਦਰਸ਼ਨ ਦੌਰਾਨ ਜਿੱਥੇ ਵੱਡੀ ਗਿਣਤੀ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਉਨਾਂ ਭਾਰੀ ਬਾਰਸ਼ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਕੇ ਜਲਦ ਭਰਪਾਈ ਕਰਨ ਦਾ ਵੀ ਐਲਾਨ ਕੀਤਾ। ਸ਼੍ਰੀ ਕਾਂਗੜ ਨੇ ਬਠਿੰਡਾ ਜ਼ਿਲੇ ਅਤੇ ਆਸਪਾਸ ਦੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਅਤੇ ਉਨਾਂ ਦਾ ਮੌਕੇ ‘ਤੇ ਤੁਰੰਤ ਨਿਪਟਾਰਾ ਕੀਤਾ। ਉਨਾਂ ਪੰਜਾਬ ਸਰਕਾਰ ਦੁਆਰਾ ਹਰ ਵਰਗ ਨੂੰ ਢੁਕਵੀਂਆਂ ਸੇਵਾਵਾਂ ਪ੍ਰਦਾਨ ਕਰਕੇ ਉਨਾਂ ਦੇ ਪੱਧਰ ਨੂੰ ਹੋਰ ਉਪਰ ਚੁੱਕਣ ਦੀ ਬਚਨਵੱਧਤਾ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਜੜੋਂ ਪੁੱਟਣ ਲਈ ਹਰ ਉਪਰਾਲਾ ਕਰ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਤਰਕਰੀਬ 2 ਸਾਲਾਂ ਵਿੱਚ ਵੱਡੀ ਪੱਧਰ ‘ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਗ੍ਰਿਫ਼ਤ ‘ਚੋਂ ਬਾਹਰ ਕੱਢ ਕੇ ਉਨ•ਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਇੱਕ ਵੱਡੀ ਉਪਲੱਬਧੀ ਹੈ ਜਿਸ ‘ਤੇ ਪੁਲਿਸ ਅਤੇ ਪ੍ਰਸ਼ਾਸ਼ਨ ਵਲੋਂ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁਦ ਬੇਰਜ਼ੁਗਾਰੀ ਅਤੇ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਦੇ ਨਾਲ ਜੁੜੀਆਂ ਸਕੀਮਾਂ ਦਾ ਨਿਰੀਖਣ ਕਰਦੇ ਹਨ। ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ਼੍ਰੀ ਕਾਂਗੜ ਨੇ ਕਿਹਾ ਕਿ ਬਾਰਸ਼ ਕਾਰਣ ਖੜੇ ਪਾਣੀ ਵਿੱਚ ਹੋਏ ਫ਼ਸਲ ਦੇ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਦੇ ਸਰਕਾਰ ਵਲੋਂ ਨਿਰਦੇਸ਼ ਦਿੱਤੇ ਗਏ ਹਨ, ਜਿਸ ‘ਤੇ ਅਮਲ ਕਰਦਿਆਂ ਜਲਦ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ-ਨਾਲ ਸ਼ਹਿਰਾਂ ਵਿੱਚ ਖੜੇ ਪਾਣੀ ਦੀ ਨਿਕਾਸੀ ਲਈ ਵੀ ਜੰਗੀ ਪੱਧਰ ‘ਤੇ ਹੰਬਲਾ ਮਾਰਿਆ ਜਾ ਰਿਹਾ ਹੈ। ਪਟਵਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਸਬੰਧੀ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤਕਰੀਬਨ ੧੨੦੦ ਪਟਵਾਰੀਆਂ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਮੌਕੇ ਮਾਲ ਵਿਭਾਗ ਨਾਲ ਸਬੰਧਤ ਜ਼ਿਲੇ ਦੇ ਅਧਿਕਾਰੀ, ਡੀ.ਐਸ.ਪੀ. ਸ਼੍ਰੀ ਜਸਬੀਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਨਾਂ ਦੇ ਨੁਮਾਇੰਦੇ, ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।