ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਭੁਗਤਾਨ ਲਈ ਯਕਮੁਸ਼ਤ ਨਿਪਟਾਰੇ ਨੂੰ ਹਰੀ ਝੰਡੀ
ਚੰਡੀਗੜ੍ਹ, 24 ਜੁਲਾਈ- ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਇਸ ਮੌਕੇ ਮੰਤਰੀ ਮੰਡਲ ਵੱਲੋਂ ਹੋਰ ਵੀ ਕਈ ਫ਼ੈਸਲੇ ਲਏ ਗਏ, ਜਿਨ੍ਹਾਂ ਤਹਿਤ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਵਿੱਚ ਦਿਹਾਤੀ ਜਲ ਸਪਲਾਈ ਸਕੀਮਾਂ (ਆਰ ਐਸ.ਡਬਲਿਊ) ਦੇ ਬਕਾਏ ਨੂੰ ਭੁਗਤਾਉਣ ਲਈ ਯਕਮੁਸ਼ਤ ਨਿਪਟਾਰੇ (ਓ.ਟੀ.ਐਸ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਵਿੱਤ ਵਿਭਾਗ ਵੱਲੋਂ ਇਨ੍ਹਾਂ ਸਕੀਮਾਂ ਵਾਸਤੇ 298.61 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਜਿਨ੍ਹਾਂ ਦਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪ੍ਰਬੰਧਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਸੂਬੇ ਵਿੱਚ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਲੋੜੀਂਦੀ ਘੱਟੋ-ਘੱਟ ਜ਼ਮੀਨ 35 ਏਕੜ ਜ਼ਮੀਨ ਤੋਂ ਘਟਾ ਕੇ 25 ਏਕੜ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਵੱਲੋਂ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ- 2010 ਵਿੱਚ ਸੋਧ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਾ ਉਦੇਸ਼ ਉੱਚ ਸਿੱਖਿਆ ਵਿੱਚ ਨਿਵੇਸ਼ ਨੂੰ ਵਧਾਉਣਾ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਸਿੱਖਿਆ ਦੇ ਮਿਆਰੀ ਮਾਪਦੰਡਾਂ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਦੇ ਅਨੁਸਾਰ ਜਿੱਥੇ ਲੋੜੀਂਦੀ ਕੁਆਲੀਫਾਈਂਗ ਸੇਵਾ ਦੋ ਸਾਲ ਜਾਂ ਇਸ ਤੋਂ ਘੱਟ ਹੈ ਉੱਥੇ ਤਜਰਬੇ ਵਿੱਚ ਕੋਈ ਕਮੀ ਨਹੀਂ ਹੋਵੇਗੀ। ਦੋ ਸਾਲ ਤੋਂ ਵੱਧ ਅਤੇ ਪੰਜ ਸਾਲ ਤੋਂ ਘੱਟ ਵਾਲੀ ਲੋੜੀਂਦੀ ਕੁਆਲੀਫਾਈਂਗ ਸੇਵਾ ਦੇ ਮਾਮਲੇ ਵਿੱਚ ਇਕ ਸਾਲ ਦੀ ਕਟੌਤੀ ਆਗਿਆ ਯੋਗ ਹੋਵੇਗੀ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਲੋੜੀਂਦੀ ਕੁਆਲੀਫਾਈਂਗ ਸੇਵਾ ਸੱਤ ਸਾਲ ਜਾਂ ਇਸ ਤੋਂ ਵੱਧ ਹੈ ਉੱਥੇ ਦੋ ਸਾਲ ਦੀ ਕਟੌਤੀ ਕੀਤੀ ਗਈ ਜਦਕਿ 10 ਸਾਲ ਜਾਂ ਇਸ ਤੋਂ ਵੱਧ ਕੁਆਲੀਫਾਈਂਗ ਸੇਵਾ ਵਾਲੇ ਮਾਮਲੇ ਵਿੱਚ ਇਹ ਕਟੌਤੀ ਤਿੰਨ ਸਾਲ ਹੋਵੇਗੀ।