ਚੰਡੀਗੜ੍ਹ, 26 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਦਰ ਥਾਣਾ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੂਰਤਾ ਸਿੰਘ ਵਾਸੀ ਪਿੰਡ ਰਾਣਾ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਰਜ ਸ਼ਿਕਾਇਤ ਸਬੰਧੀ ਉਸ ਦੀ ਮਦਦ ਕਰਨ ਬਦਲੇ 3,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।