April 23, 2026 3:56 pm

ਆੜ੍ਹਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 7 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਤੈਅ ਪ੍ਰਕਿਰਿਆ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ) ਨੂੰ ਨਿਰਵਿਘਨ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਪੂਰਨ ਤੌਰ ‘ਤੇ ਸਹਿਯੋਗ ਕਰੇਗੀ। ਅੱਜ ਇੱਥੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਦੀ ਜਥੇਬੰਦੀ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਭੰਡਾਰ ਲਈ ਕਣਕ ਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੋਂ ਆੜ੍ਹਤੀਆਂ ਨੂੰ ਬਾਹਰ ਕਰਨ ਬਾਰੇ ਏ.ਪੀ.ਐਮ.ਸੀ. ਐਕਟ ‘ਚ ਕੋਈ ਸੋਧ ਨਹੀਂ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਆੜ੍ਹਤੀਆਂ ਨਾਲ ਬਹੁਤ ਪੁਰਾਣੇ ਸਬੰਧ ਹਨ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਫਸਲ ਦੀ ਅਦਾਇਗੀ ਕਰਨ ਦੀ ਪ੍ਰਕਿਰਿਆ ਬਰਕਰਾਰ ਰੱਖੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਵੱਲੋਂ ਪੀ.ਐਫ.ਐਮ.ਐਸ. ਵਿਧੀ ਨੂੰ ਅਪਣਾਉਣ ਦੇ ਕੀਤੇ ਫੈਸਲੇ ‘ਤੇ ਵੀ ਤਸੱਲੀ ਜ਼ਾਹਰ ਕੀਤੀ ਕਿਉਂਕਿ ਇਸ ਨੂੰ ਅਮਲ ਵਿੱਚ ਨਾ ਲਿਆਉਣ ਕਰਕੇ ਭਾਰਤ ਸਰਕਾਰ ਨੇ ਸੂਬਾ ਸਰਕਾਰ ਦੀ 1000 ਕਰੋੜ ਰੁਪਏ ਦੀ ਅਦਾਇਗੀ ਰੋਕੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਨਾਲ ਜੂਝ ਰਿਹਾ ਸੂਬਾ ਇਸ ਰਕਮ ਦੇ ਜਾਰੀ ਹੋਣ ਵਿੱਚ ਹੋਰ ਦੇਰੀ ਨਹੀਂ ਸਹਾਰ ਸਕਦਾ ਅਤੇ ਇਸ ਵਿੱਚ ਆੜ੍ਹਤੀਆਂ ਨੂੰ ਅਦਾ ਕੀਤੇ ਜਾ ਚੁੱਕੇ 500 ਕਰੋੜ ਰੁਪਏ ਦੀ ਰਾਸ਼ੀ ਵੀ ਸ਼ਾਮਲ ਹੈ।

Send this to a friend