ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲਿਆ ਜਾਇਜ਼ਾ
ਬਟਾਲਾ, 29 ਅਗਸਤ (ਕੁਲਜੀਤ)- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸੂਬਾ ਸਰਕਾਰ ਪੱਬਾਂ ਭਾਰ ਹੈ। ਵਿਆਹ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨਾਲ ਸਥਾਨਕ ਪੁਲਿਸ ਲਾਈਨ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਬਟਾਲਾ ਸ. ਓੁਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀ ਬਲਬੀਰ ਰਾਜ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ੍ਰੀਮਤੀ ਅਨਮਜੋਤ ਕੌਰ, ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ, ਮੈਨੇਜਰ ਗੁਰਦੁਆਰਾ ਕੰਧ ਸਾਹਿਬ ਗੁਰਤਿੰਦਰਪਾਲ ਸਿੰਘ ਮਾਂਟੂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਅਤੇ ਧਾਰਮਿਕ ਰਿਵਾਇਤਾਂ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਸਕੰਡਰੀ ਪੁਆਂਇੰਟਾਂ ਉੱਪਰ ਇਕੱਠੇ ਹੁੰਦੇ ਕੂੜੇ ਨੂੰ ਨਾਲ ਦੀ ਨਾਲ ਹੀ ਚੁੱਕਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ ਤੋਂ ਸੈਂਪਲ ਭਰ ਕੇ ਜਾਂਚ ਕਰਨ ਤਾਂ ਜੋ ਕਿਸੇ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਨਹੀਂ ਛੱਡੇਗਾ ਅਤੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਮੈਨੇਜਰ ਗੁਰਦੁਆਰਾ ਕੰਧ ਸਾਹਿਬ ਗੁਰਤਿੰਦਰਪਾਲ ਸਿੰਘ ਮਾਂਟੂ ਵਲੋਂ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਬਟਾਲਾ ਤੇ ਹੋਰ ਅਧਿਕਾਰੀਆਂ ਨੂੰ ਵਿਆਹ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।