ਸ੍ਰੀ ਗੋਇੰਦਵਾਲ ਸਾਹਿਬ, 5 ਸਤੰਬਰ (ਰਣਜੀਤ ਦਿਓਲ)- ਹੜਾਂ ਨਾਲ ਪ੍ਰਭਾਵਿਤ ਲੋਕਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਨੂੰ ਜਲਦ ਤੋਂ ਜਲਦ ਮੁਆਵਜ਼ਾ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੂੰਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਪ੍ਰਤੀ ਏਕੜ 40000 ਰੁਪਏ ਅਤੇ ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰ ਨਾਲ ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਘਰ ਬਣਾਉਣ ਲਈ ਹਰੇਕ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਤੁਰੰਤ ਜਾਰੀ ਕਰੇ। ਇਸ ਤੋਂ ਇਲਾਵਾ ਖੇਤੀ ਨਾਲ ਸਬੰਧਿਤ ਸੰਦਾਂ ਤੇ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ ਅਤੇ ਕਿਸਾਨ ਤੇ ਮਜਦੂਰ ਵਰਗ ਨੂੰ 50 ਸਾਲ ਉਮਰ ਪੂਰੀ ਹੋਣ ਤੇ 10 ਹਜਾਰ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸਰਕਾਰ ਕਾਗਜਾਂ ਵਿੱਚ ਤਾਂ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਅਫਸੋਸ ਨਾਲ ਕਹਿਣਾ ਪੈਂਦਾ ਹੈ ਕਿ 2018 ਵਿੱਚ ਹੜ੍ਹਾਂ ਦੇ ਕਹਿਰ ਨਾਲ ਹੋਏ ਨੁਕਸਾਨ ਦਾ ਕੈਪਟਨ ਸਰਕਾਰ ਵੱਲੋਂ ਹਲੇ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਲ ਹੜ੍ਹਾਂ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਵੇ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਨਾ ਲਈ ਤਾਂ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ ਕੀਤਾ ਜਾਵੇਗਾ।