April 30, 2026 8:32 pm

ਸੁਰਸਿੰਘ ਤੋਂ ਚੱਲੇ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸ੍ਰੀ ਗੋਇੰਦਵਾਲ ਸਾਹਿਬ, 8 ਸਤੰਬਰ (ਰਣਜੀਤ ਦਿਓਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸੁਰਸਿੰਘ ਤੋਂ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੇ ਉਦਮ ਸਦਕਾ ਸ਼ੁਰੂ ਹੋਇਆ। ਇਹ ਨਗਰ ਕੀਰਤਨ ਸੁਰਸਿੰਘ ਤੋਂ ਸ਼ੁਰੂ ਹੋ ਕੇ ਤਰਨਤਾਰਨ ਜਿਲ੍ਹਾ ਦੇ ਵੱਖ ਵੱਖ ਪਿੰਡਾਂ ਕਸਬਿਆਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ। ਇਤਿਹਾਸਕ ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਹੁੰਚਣ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਧਾਰਮਿਕ ਥਾਵਾਂ ਤੋਂ ਨਗਰ ਕੀਰਤਨ ਸ਼੍ਰੀ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ ਇਸੇ ਲੜੀ ਤਹਿਤ ਅੱਜ ਸਤਿਕਾਰਯੋਗ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਅਲੌਕਿਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਜਿਸ ਦੇ ਗੁਰਦੁਆਰਾ ਬਾਉਲੀ ਸਾਹਿਬ ਪਹੁੰਚਣ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ,ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ,ਅਲਵਿੰਦਰਪਾਲ ਸਿੰਘ ਪਖੋਕੇ,ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਪ੍ਰੇਮ ਸਿੰੰਘ ਪਨੂੰ,ਹੈੱਡ ਗ੍ਰੰਥੀ ਕੁਲਵੰਤ ਸਿੰਘ,ਸਰਪੰਚ ਕੁਲਦੀਪ ਸਿੰਘ ਲਹੌਰੀਆ, ਸੁਜਿੰਦਰ ਸਿੰਘ ਲਾਲੀ,ਭਗਵੰਤ ਸਿੰਘ ਸੁਪਰਵਾਈਜ਼ਰ, ਸੁਖਦੇਵ ਸਿੰਘ ਅਕਾਊਂਟੈਂਟ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Send this to a friend