ਚੰਡੀਗੜ੍ਹ, 11 ਸਤੰਬਰ :ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਸੁਪਰਡੰਟ ਉਮੇਸ਼ ਕੁਮਾਰ ਨੂੰ ਲਖਵੀਰ ਸਿੰਘ ਵਾਸੀ ਸਾਦਿਕ ਰੋਡ, ਫਰੀਦਕੋਟ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ 9 ਮੋਬਾਈਲ ਵਾਟਰ ਟੈਂਕਰ ਸਪਲਾਈ ਕੀਤੇ ਸਨ। ਇਨ੍ਹਾਂ ਟੈਂਕਰਾਂ ਦੇ ਬਿਲ (12,13,200 ਰੁਪਏ) ਦੀ ਅਦਾਇਗੀ ਕਰਨ ਬਦਲੇ ਉਮੇਸ਼ ਕੁਮਾਰ ਸੁਰਪਡੈਂਟ ਵਲੋਂ 35,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੋਦਾ 30,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।