ਫਤਿਹਗੜ੍ਹ ਸਾਹਿਬ, 13 ਸਤੰਬਰ (ਰਿਸ਼ੂ ਗੋਇਲ)- ਪੰਜਾਬ ਲਾਰਜ ਇੰਡਸਟਰੀਅਲ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਪਵਨ ਦੀਵਾਨ ਨੂੰ ਨਿਯੁਕਤ ਕੀਤਾ ਗਿਆ ਹੈ ਜਿਨਾਂ ਦੇ ਅਹੁਦਾ ਸੰਭਾਲਣ ‘ਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਂਨ ਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਭਾਂਬਰੀ ਵਲੋਂ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਵੱਲ ਖਾਸ ਧਿਆਨ ਦੇ ਰਹੀ ਹੈ ਜਿਸ ਦੇ ਸਦਕਾ ਅੱਜ ਪੰਜਾਬ ਵਿੱਚ ਘਾਟੇ ਵਿੱਚ ਚੱਲ ਰਹੀ ਇੰਡਸਟਰੀ ਮੁੜ ਆਪਣੇ ਪੈਰਾਂ ‘ਤੇ ਖੜੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ 2017 ਵਿੱਚ ਲਾਗੂ ਕੀਤੀ ਜਾ ਚੁੱਕੀ ਹੇ, ਜਿਸ ‘ਚ ਉਦਯੋਗਾਂ ਨੂੰ ਅਨੇਕਾਂ ਵਿੱਤੀ ਸਹੂਲਤਾਂ ਤੇ ਛੋਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਪੰਜਾਬ ਲਾਰਜ ਇੰਡਸਟਰੀਅਲ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਹੋਏ ਪਵਨ ਦੀਵਾਨ ਜੀ ਦੀ ਅਗਾਂਹਵਧੂ ਸੋਚ ਸਦਕਾ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਉਦਯੋਗਾਂ ਨੂੰ ਬਹੁਤ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਨੀਤੀ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾ ਰਹੀ ਹੈ।