May 30, 2026 2:08 pm

ਪ੍ਰੋ. ਚੰਦੂਮਾਜਰਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ

index ਅੰਮ੍ਰਿਤਸਰ, 20 ਮਈ (ਪੀ.ਟੀ.)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੁਣੇ ਗਏ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਲੋਕ ਸਭਾ ਸੀਟ ਜਿੱਤਣ ਉਪਰੰਤ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਅਤੇ ਸ.ਪ੍ਰਤਾਪ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪ੍ਰੈ¤ਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰੀ ਜਿੱਤ ਹਾਸਲ ਕਰਕੇ ਸੰਸਦ ਵਿੱਚ ਪਹੁੰਚਿਆ ਹਾਂ। ਉਨ੍ਹਾਂ ਕਿਹਾ ਕਿ ਅੱਜ ਮੈਂ ਪਰਿਵਾਰ ਸਮੇਤ ਸਤਿਗੁਰੂ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਆਇਆ ਹਾਂ।
ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਕਾਂਗਰਸ ਸਰਕਾਰ ਦਾ ਪੂਰੀ ਤਰ੍ਹਾਂ ਸਫ਼ਾਇਆ ਹੋਇਆ ਹੈ। ਕਾਂਗਰਸ ਹਮੇਸ਼ਾਂ ਸਿੱਖ ਕੌਮ ਨਾਲ ਅਣਸੁਖਾਵੇਂ ਹਾਲਾਤ ਬਣਾ ਕੇ ਆਪਣਾ ਰਾਜ ਕਾਇਮ ਰੱਖਣ ਦੀ ਕੋਝੀ ਸਾਜਿਸ਼ ਰਚਦੀ ਰਹੀ ਹੈ। ਅੱਜ ਸਮੁੱਚੇ ਦੇਸ਼ ਦੇ ਵੋਟਰਾਂ ਨੇ ਕਾਂਗਰਸ ਦੇ ਉਸ ਚਿਹਰੇ ਤੋਂ ਨਕਾਬ ਲਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਵੋਟਰਾਂ ਨੇ ਮੈਨੂੰ ਜਿਤਾਇਆ ਹੈ, ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਰਹਾਂਗਾ ਅਤੇ ਸ.ਪਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪੰਜਾਬ ਨੂੰ ਦੂਸਰਿਆਂ ਸੂਬਿਆਂ ਨਾਲੋਂ ਵੀ ਮਜਬੂਤ, ਵਿਕਾਸਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ।
ਸੂਚਨਾ ਕੇਂਦਰ ਵਿਖੇ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ.ਬੇਅੰਤ ਸਿੰਘ, ਐਡੀਸ਼ਨਲ ਸੂਚਨਾ ਅਧਿਕਾਰੀ ਸ.ਸੁਖਬੀਰ ਸਿੰਘ, ਸ.ਹਰਪ੍ਰੀਤ ਸਿੰਘ, ਸ.ਅੰਮ੍ਰਿਤਪਾਲ ਸਿੰਘ ਤੇ ਸ.ਸਰਬਜੀਤ ਸਿੰਘ ਵੀ ਮੌਜੂਦ ਸਨ।

Send this to a friend