ਚੰਡੀਗੜ੍ਹ, 14 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਬਦਲਾਅ ਦਾ ਮੁੱਢ ਬੰਨ੍ਹਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਵਾਤਾਵਰਣ ਦਿੱਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਗਰੁੱਪ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ (ਕਿਸਾਨ) ਇਸ ਬਦਲਾਅ ਦੇ ਮੋਢੀ ਬਣ ਕੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕਰ ਰਹੇ ਹਨ ਜਿਨ੍ਹਾਂ ਦੀ ਇਹ ਨਿਵੇਕਲੀ ਪਹਿਲ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਵਿੱਚ ਅਹਿਮ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਅਤੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਾਸਤੇ ਅਗਾਂਹਵਧੂ ਕਿਸਾਨਾਂ ਦੇ ਤਜਰਬੇ ਅਤੇ ਮੁਹਾਰਤ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਵਰਤਣਾ ਚਾਹੀਦਾ ਹੈ। ਧਰਤੀ ਹੇਠਲਾ ਪਾਣੀ ਜਿਹੜਾ ਦਿਨ
ਪ੍ਰਤੀ ਦਿਨ ਹੇਠਾਂ ਜਾ ਰਿਹਾ ਹੈ, ਨੂੰ ਸੰਭਾਲਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾ ਕੇ ਰੱਖਿਆ ਜਾਵੇ ਨਹੀਂ ਤਾਂ ਸਾਡਾ ਸੂਬਾ ਆਉਣ ਵਾਲੇ ਸਮੇਂ ਵਿੱਚ ਰੇਗਿਸਤਾਨ ਬਣ ਜਾਵੇਗਾ ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।
ਉਨ੍ਹਾਂ ਨੇ ਫਸਲੀ ਵਿਭਿੰਨਤਾ ਦੇ ਨਾਲ ਤੁਪਕਾ ਪ੍ਰਣਾਲੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਬਚਾਉਣ ਦਾ ਇਹ ਇਕੋ ਇਕ ਤਰੀਕਾ ਹੈ। ਮੁੱਖ ਮੰਤਰੀ ਨੇ ਅਜਿਹੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਵਿਸ਼ੇਸ਼ ਤੌਰ ‘ਤੇ ਸਲਾਹਿਆ ਜਿਨ੍ਹਾਂ ਨੇ ਉਚ ਸਿੱਖਿਆ ਤੇ ਇੰਜਨੀਅਰਿੰਗ ਕਰਨ ਤੋਂ ਬਾਅਦ ਖੇਤੀਬਾੜੀ ਨੂੰ ਮੁੱਖ ਕਿੱਤੇ ਵਜੋਂ ਅਪਣਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦੇਣ ਅਤੇ ਖੇਤੀਬਾੜੀ ਕਰਦਿਆਂ ਨਵੀਆਂ ਆਧੁਨਿਕ ਦੀ ਵਰਤੋਂ ਹੋਰਨਾਂ ਕਿਸਾਨਾਂ ਨੂੰ ਵੀ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਲਈ ਉਤਸ਼ਾਹਤ ਕਰੇਗੀ ਜਿਸ ਨਾਲ ਉਤਪਾਦਨ ਵਿੱਚ ਗਿਣਾਤਮਕ ਤੇ ਗੁਣਾਤਮਕ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੀਆਂ ਉਨ੍ਹਾਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਉਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾ ਰਹੇ ਹਨ।



